ਪੰਚਾਇਤੀ ਚੋਣਾਂ ‘ਚ ਧੱਕੇਸ਼ਾਹੀ ਖਿਲਾਫ ਡਟਿਆ ਅਕਾਲੀ ਦਲ

sad on panchayat election

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਪੰਚਾਇਤੀ ਚੋਣਾਂ ਵਿੱਚ ਲੋਕਤੰਤਰ ਦਾ ਘਾਣ ਹੋਇਆ ਹੈ। ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸ ਨੇ 28,000 ਨਾਮਜ਼ਦਗੀ ਪਰਚੇ ਰੱਧ ਕਰਕੇ ਪੰਚਾਇਤੀ ਰਾਜ ਦੀਆਂ ਧੱਜੀਆਂ ਉਡਾ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਵਾਰ ਪੰਚਾਇਤਾਂ ਦੀ ਸਰਬਸੰਮਤੀ ਨਹੀਂ ਹੋਈ ਸਗੋਂ ਜ਼ਬਰਸੰਮਤੀ ਹੋਈ ਹੈ। ਇਸ ਲਈ ਹਾਈਕੋਰਟ ਨੇ ਵੀ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਹੈ ਕਿ ਵੋਟ ਦਾ ਅਧਿਕਾਰ ਖਤਰੇ ਵਿੱਚ ਹੈ। ਉਨ੍ਹਾਂ ਕਿਹਾ ਕਿ 77 ਫੀਸਦੀ ਨਾਮਜ਼ਦਗੀ ਪਰਚੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਜ਼ਿਲ੍ਹੇ ਵਿੱਚ ਹੋਏ ਹਨ।

ਉਧਰ, ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਤੇ ਅਕਾਲੀ ਲੀਡਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਚੋਣ ਧਾਂਦਲੀਆਂ ਬਾਰੇ ਰਾਜ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਭ ਤੋਂ ਵੱਧ ਘਟਨਾਵਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਵਿੱਚ ਵਾਪਰੀਆਂ ਹਨ। ਮੁੜ ਚੋਣਾਂ ਵੀ ਮੁੱਖ ਮੰਤਰੀ ਦੇ ਜ਼ਿਲ੍ਹੇ ਵਿੱਚ ਸਾਰੇ ਜ਼ਿਲ੍ਹਿਆਂ ਨਾਲੋਂ ਵੱਧ ਹੋ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਜਾਅਲੀ ਵੋਟਾਂ ਦਾ ਭੁਗਤਾਨ ਵੀ ਪਟਿਆਲਾ ਜ਼ਿਲ੍ਹੇ ਵਿੱਚ ਕੀਤਾ ਗਿਆ। ਮਰੇ ਹੋਏ ਵੋਟਰਾਂ ਤੇ ਵਿਦੇਸ਼ ਗਏ ਲੋਕਾਂ ਦੀਆਂ ਵੋਟਾਂ ਨਾਜਾਇਜ਼ ਢੰਗ ਨਾਲ ਭੁਗਤਾਈਆਂ ਗਈਆਂ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਮੁਲਾਜ਼ਮਾਂ ਨੇ ਉਮੀਦਵਾਰਾਂ ਦੇ ਏਜੰਟਾਂ ਨੂੰ ਬੂਥਾਂ ਵਿੱਚੋਂ ਬਾਹਰ ਕੱਢ ਦਿੱਤਾ ਸੀ। ਇਸ ਕਾਰਨ ਜ਼ਾਹਿਰ ਹੋ ਗਿਆ ਹੈ ਕਿ ਪੁਲਿਸ ਤੇ ਪ੍ਰਸ਼ਾਸਨ ਸੱਤਾਧਾਰੀਆਂ ਦੇ ਹੱਕ ਵਿੱਚ ਭੁਗਤਿਆ ਹੈ।

Source:AbpSanjha