ਕਾਂਗਰਸੀ ਮੰਤਰੀਆਂ ਨੇ ਕੇਂਦਰੀ ਲੀਡਰਸ਼ਿਪ ਕੋਲ ਸਿੱਧੂ ਖ਼ਿਲਾਫ਼ ਖੋਲਿਆ ਮੋਰਚਾ

Captain vs Sidhu

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਲੇ ਹੋਏ ਮਤਭੇਦ ਹਾਲੇ ਤੱਕ ਹੱਲ ਨਹੀਂ ਹੋਏ। ਚੱਲ ਰਹੇ ਮਤਭੇਦਾਂ ਦਰਮਿਆਨ ਖ਼ਬਰ ਮਿਲੀ ਹੈ ਤਿੰਨ ਕਾਂਗਰਸੀ ਮੰਤਰੀਆਂ ਨੇ ਕੇਂਦਰੀ ਲੀਡਰਸ਼ਿਪ ਕੋਲ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮੋਰਚਾ ਖੋਲ ਦਿੱਤਾ ਹੈ।

ਇਹਨਾਂ ਤਿੰਨ ਕਾਂਗਰਸੀ ਮੰਤਰੀਆਂ ਵਿੱਚ ਚਰਨਜੀਤ ਸਿੰਘ ਚੰਨੀ, ਭਾਰਤ ਭੂਸ਼ਣ ਆਸ਼ੂ ਅਤੇ ਬ੍ਰਹਮ ਮਹਿੰਦਰਾ ਸ਼ਾਮਿਲ ਹਨ। ਇਹਨਾਂ ਕੈਬਿਨਟ ਮੰਤਰੀਆਂ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਨੀਤਿਕ ਸਕੱਤਰ ਸੰਦੀਪ ਸਿੰਘ ਸੰਧੂ, ਜਲੰਧਰ, ਪਟਿਆਲਾ ਅਤੇ ਲੁਧਿਆਣਾ ਜ਼ਿਲ੍ਹੇ ਦੇ ਮੇਅਰ ਵੀ ਸ਼ਾਮਿਲ ਹਨ, ਜਿੰਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮੋਰਚਾ ਖੋਲਿਆ ਹੈ।

ਇਹ ਵੀ ਪੜ੍ਹੋ: ਪੈਟਰੋਲ-ਡੀਜ਼ਲ ਇੱਕ ਵਾਰ ਫਿਰ ਹੋਣਗੇ ਮਹਿੰਗੇ, ਵਿੱਤ ਮੰਤਰੀ ਸੀਤਾਰਮਨ ਨੇ ਕੀਤਾ ਐਲਾਨ

ਇਹਨਾਂ ਕੈਬਿਨੇਟ ਮੰਤਰੀਆਂ ਨੇ ਕਾਂਗਰਸ ਦੇ ਸੀਨੀਅਰ ਲੀਡਰ ਅਹਿਮਦ ਪਟੇਲ ਨੂੰ ਨਵਜੋਤ ਸਿੰਘ ਸਿੱਧੂ ਦੀ ਪਹਿਲੇ ਸਥਾਨਕ ਸਰਕਾਰਾਂ ਵਿਭਾਗ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ ਹੈ। ਇਹ ਹੀ ਨਹੀਂ ਉਹਨਾਂ ਨੇ ਨਵਜੋਤ ਸਿੰਘ ਸਿੱਧੂ ਦੇ ਵਰਤੇ ਜਾਣ ਵਾਲੇ ਮਾੜੇ ਰਵਈਏ ਨੂੰ ਲੈ ਕੇ ਸੀਨੀਅਰ ਆਗੂ ਅਹਿਮਦ ਪਟੇਲ ਨੂੰ ਸ਼ਿਕਾਇਤ ਕੀਤੀ ਹੈ।

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 6 ਜੂਨ ਨੂੰ ਆਪਣੀ ਵਜ਼ਾਰਤ ਦੇ ਮੰਤਰੀਆਂ ਦੇ ਵਿਭਾਗਾਂ ਦੀ ਫੇਰ – ਬਦਲ ਕਰਦਿਆਂ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਸਥਾਨਕ ਸਰਕਾਰਾਂ ਵਿਭਾਗ ਬਦਲ ਕੇ ਬਿਜਲੀ ਵਿਭਾਗ ਦੇ ਦਿੱਤਾ ਸੀ, ਜਿਸ ਨੂੰ ਨਵਜੋਤ ਸਿੰਘ ਸਿੱਧੂ ਨੇ ਹਾਲੇ ਤੱਕ ਨਹੀਂ ਸੰਭਾਲਿਆ।