ਭਾਰਤ-ਪਾਕਿਸਤਾਨ ਦੀ ਹੋਵੇਗੀ ਇਤਿਹਾਸਿਕ ਮੁਲਾਕਾਤ

Nankana Sahib
ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤਕ ਸਜਾਇਆ ਜਾਵੇਗਾ। ਇਸ ਵੱਡੇ ਅਤੇ ਮਹੱਤਵਪੂਰਨ ਕੰਮ ਦੀ ਪ੍ਰਵਾਨਗੀ ਪਾਕਿਸਤਾਨ ਦੀ ਸਰਕਾਰ ਵੱਲੋਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਦਿੱਤੀ ਗਈ ਹੈ। ਇਸ ਦੇ ਰਸਮੀ ਪ੍ਰਵਾਨਗੀ ਪੱਤਰ ਨੂੰ ਅਪਰੈਲ ਮਹੀਨੇ ਜਾਰੀ ਕੀਤਾ ਗਿਆ ਹੈ।ਇਹ ਪ੍ਰਵਾਨਗੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੱਤਰ ਰਾਹੀਂ ਦਿੱਤੀ ਗਈ ਹੈ, ਜਿਸ ਉਪਰ ਪ੍ਰਧਾਨ ਤਾਰਾ ਸਿੰਘ ਦੇ ਦਸਤਖ਼ਤ ਹਨ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਨਗਰ ਕੀਰਤਨ 28 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਤੋਂ ਰਵਾਨਾ ਹੋਵੇਗਾ ਅਤੇ ਪਾਵਨ ਨਗਰੀ ਅੰਮ੍ਰਿਤਸਰ ਵਿੱਚ ਠਹਿਰੇਗਾ। ਕੁੱਝ ਸਮਾਂ ਠਹਿਰਾਅ ਕਰਨ ਮਗਰੋਂ ਨਗਰ ਕੀਰਤਨ 31 ਅਕਤੂਬਰ ਨੂੰ ਅਟਾਰੀ ਵਾਹਗਾ ਸਰਹੱਦ ਪਾਰ ਕਰਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ।ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵਾਲੀ ਬੱਸ ਹੀ ਸਰਹੱਦ ਪਾਰ ਕਰਕੇ ਨਨਕਾਣਾ ਸਾਹਿਬ ਤਕ ਜਾਵੇਗੀ। ਜਦਕਿ ਸੁਨਹਿਰੀ ਪਾਲਕੀ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੁਸ਼ੋਭਿਤ ਕਰਨ ਦੀ ਯੋਜਨਾ ਹੈ। ਪੀਜੀਪੀਸੀ ਵੱਲੋਂ ਜਾਰੀ ਕੀਤੇ ਰਸਮੀ ਪ੍ਰਵਾਨਗੀ ਪੱਤਰ ਵਿਚ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਪਾਕਿਸਤਾਨ ਵਿੱਚ ਸਥਿਤ ਇਤਿਹਾਸਿਕ ਗੁਰਦੁਆਰਿਆਂ ਦੀ ਕੀਤੀ ਗਈ ਕਾਰ ਸੇਵਾ ਕਰਨ ਦੀ ਸ਼ਲਾਘਾ ਕੀਤੀ ਗਈ ਹੈ।