ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਪੁਰਾਤਨ ਨਗਾਰਿਆਂ ਦੀ ਚੋਟ ਅਤੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ ਹੋਲਾ ਮਹੱਲਾ

Hola-Mahla-to-be-celebrated-at-Kiratpur-Sahib-and-Sri-Anandpur-Sahib

ਹੋਲਾ ਮਹੱਲਾ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾਣਾ ਹੈ ਅਤੇ ਪੁਰਾਤਨ ਰਵਾਇਤਾਂ ਅਨੁਸਾਰ 23 ਮਾਰਚ ਨੂੰ ਤਕਰੀਬਨ ਰਾਤ ਇੱਕ ਵਜੇ ਦੇ ਕਰੀਬ ਗੁਰਮਤਿ ਸਮਾਗਮ ਦੀ ਸਮਾਪਤੀ ਉਪਰੰਤ ਪੁਰਾਤਨ ਨਗਾਰਿਆਂ ਦੀ ਚੋਟ ਦੇ ਨਾਲ ਹੋਲਾ ਮਹੱਲੇ ਦਾ ਰਸਮੀ ਆਗਾਜ਼ ਹੋਇਆ ਹੈ। ਸਮਾਗਮਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ 24 ਮਾਰਚ ਨੂੰ ਕੀਰਤਪੁਰ ਸਾਹਿਬ ਦੇ ਵੱਖ -ਵੱਖ ਗੁਰੂ ਘਰਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਜਾਣਗੇ ਅਤੇ ਜਿਨ੍ਹਾਂ ਦੇ ਭੋਗ 26 ਮਾਰਚ ਨੂੰ ਪਾਏ ਜਾਣਗੇ।

27 ਮਾਰਚ ਤੋਂ ਲੈ ਕੇ  29 ਮਾਰਚ ਤੱਕ ਵੱਖ -ਵੱਖ ਗੁਰੂਘਰਾਂ ਵਿੱਚ ਗੁਰਮਤਿ ਸਮਾਗਮ ਚੱਲਣਗੇ, ਉੱਥੇ ਸੰਗਤਾਂ ਦਾ ਵੱਡਾ ਇਕੱਠ ਇਨ੍ਹਾਂ ਤਿੰਨ ਦਿਨਾਂ ਦੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਦੇਖਣ ਨੂੰ ਮਿਲਦਾ ਹੈ। ਪਹਿਲੇ ਪੜਾਅ ਦੌਰਾਨ ਹੋਲਾ ਮਹੱਲਾ ਸਮਾਗਮ ਕੀਰਤਪੁਰ ਸਾਹਿਬ ਵਿਖੇ ਹੁੰਦੇ ਹਨ ਤੇ ਦੂਜੇ ਪੜਾਅ ਦੇ ਸਮਾਗਮ ਸ੍ਰੀ ਅਨੰਦਪੁਰ ਵਿਖੇ ਹੁੰਦੇ ਹਨ। ਜਿੱਥੇ ਸੰਗਤਾਂ ਲੱਖਾਂ ਦੀ ਤਾਦਾਦ ਵਿੱਚ ਗੁਰੂਘਰਾਂ ਵਿੱਚ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ।  29 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਕੱਢਿਆ ਜਾਵੇਗਾ ਅਤੇ ਮੁਹੱਲੇ ਨੂੰ ਦੇਖਣ ਦੇ ਲਈ ਸੰਗਤਾਂ ਦੇਸ਼ਾਂ-ਵਿਦੇਸ਼ਾਂ ਤੋਂ ਖ਼ਾਸ ਤੌਰ ‘ਤੇ ਪਹੁੰਚਦੀਆਂ ਹਨ।

ਹੋਲਾ ਮਹੱਲਾ ਦੇ ਰਸਮੀ ਆਗਾਜ਼ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਜਿਥੇ ਹੋਲਾ ਮਹੱਲਾ ਦੇ ਆਗਾਜ਼ ਮੌਕੇ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ, ਉਥੇ ਉਨ੍ਹਾਂ ਸੰਗਤ ਨੂੰ ਹੋਲਾ ਮਹੱਲਾ ਦੇ ਪ੍ਰੋਗਰਾਮਾਂ ਵਿੱਚ ਵਧ ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ ਹੈ। ਗਿਆਨੀ ਰਘਬੀਰ ਸਿੰਘ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਸਰਕਾਰ ਜਦੋਂ ਚਾਹੇ ,ਜਿੱਥੇ ਚਾਹੇ ਉੱਥੇ ਕੋਰੋਨਾ ਭੇਜ ਦਿੰਦੀ ਹੈ ਅਤੇ ਖ਼ਾਸ ਤੌਰ ‘ਤੇ ਸਿੱਖਾਂ ਸਮੇਤ ਭਾਰਤ ਵਿੱਚ ਵਸਦੀਆਂ ਘੱਟ ਗਿਣਤੀਆਂ ਨੂੰ ਜਿਸ ਤਰੀਕੇ ਦਾ ਟਰੀਟਮੈਂਟ ਦਿੱਤਾ ਜਾ ਰਿਹਾ , ਉਹ ਨਿੰਦਣਯੋਗ ਹੈ।

ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਾਬਕਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲ ਵੱਲੋਂ ਵੀ ਹੋਲਾ ਮਹੱਲਾ ਦੇ ਵਿੱਚ ਵਿਘਨ ਪਾਉਣ ਦੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਯਤਨਾਂ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਸਿੰਘਾਂ ਦੀ ਚੜ੍ਹਦੀ ਕਲਾ ਤੇ ਜਾਹੋ ਜਲਾਲ ਦਾ ਪ੍ਰਤੀਕ ਹੈ ਅਤੇ ਗੁਰੂ ਦਾ ਖ਼ਾਲਸਾ ਕਦੇ ਕਿਸੇ ਤੋਂ ਡਰਦਾ ਨਹੀਂ ਕੇਵਲ ਅਕਾਲ ਪੁਰਖ ਦੇ ਹੁਕਮ ਦੇ ਵਿਚ ਚਲਦਾ ਹੈ ਅਤੇ ਉਨ੍ਹਾਂ ਨੂੰ ਹੋਲਾ ਮਹੱਲਾ ਮਨਾਉਣ ਤੋਂ ਕੋਈ ਨਹੀਂ ਰੋਕ ਸਕਦਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ