ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਦੇਸ਼ ‘ਚ ਮੁੜ ਲੌਕਡਾਊਨ ਦਾ ਦੌਰ, ਇਸ ਵਾਰ ਨਹੀਂ ਹੋਏਗਾ ਸਭ ਕੁਝ ਬੰਦ

Lockdown in the country again due to Corona's wrath

ਭਾਰਤ ਵਿੱਚ ਕਰੋਨਾਵਾਇਰਸ ਦੀ ਦੂਜੀ ਲਹਿਰ ਨੇ ਹਾਹਾਕਾਰ ਮਚਾ ਦਿੱਤੀ ਹੈ। ਐਤਵਾਰ ਨੂੰ 93,249 ਨਵੇਂ ਕੇਸ ਸਾਹਮਣੇ ਆਉਣ ਮਗਰੋਂ ਸਰਕਾਰ ਦੀ ਚਿੰਤਾ ਵਧ ਗਈ ਹੈ। ਮੌਜੂਦਾ ਸਾਲ ਵਿੱਚ ਇੱਕ ਦਿਨ ’ਚ ਸਾਹਮਣੇ ਆਉਣ ਵਾਲੇ ਨਵੇਂ ਕੇਸਾਂ ਦਾ ਇਹ ਸਭ ਤੋਂ ਵੱਡਾ ਅੰਕੜਾ ਹੈ।

ਇਸ ਤੋਂ ਪਹਿਲਾਂ ਪਿਛਲੇ ਸਾਲ 19 ਸਤੰਬਰ ਨੂੰ ਇਕ ਦਿਨ ਵਿੱਚ ਸਭ ਤੋਂ ਵੱਧ 93,337 ਨਵੇਂ ਕੇਸ ਸਾਹਮਣੇ ਆਏ ਸਨ। ਨਵੇਂ ਕੇਸਾਂ ਨਾਲ ਦੇਸ਼ ਵਿੱਚ ਕੁੱਲ ਕੇਸਾਂ ਦੀ ਗਿਣਤੀ ਵਧ ਕੇ 1,24,85,509 ’ਤੇ ਪਹੁੰਚ ਗਈ ਹੈ। ਦੇਸ਼ ਵਿੱਚ ਹੁਣ ਤੱਕ ਇਸ ਮਹਾਮਾਰੀ ਕਾਰਨ ਹੋਈਆਂ ਕੁੱਲ ਮੌਤਾਂ ਦੀ ਗਿਣਤੀ ਵਧ ਕੇ 1,64,623 ਹੋ ਗਈ ਹੈ।

ਤੇਜ਼ੀ ਨਾਲ ਵਧਦੇ ਕੇਸਾਂ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਹੰਗਾਮੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਰੋਨਾਵਾਇਰਸ ਦੀ ਸਥਿਤੀ ਤੇ ਇਸ ਮਹਾਮਾਰੀ ’ਤੇ ਰੋਕ ਲਾਉਣ ਲਈ ਬਣਾਈ ਗਈ ਵੈਕਸੀਨ ਦੇ ਟੀਕਾਕਰਨ ਪ੍ਰੋਗਰਾਮ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਕੈਬਨਿਟ ਸਕੱਤਰ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ, ਸਿਹਤ ਸਕੱਤਰ ਤੇ ਨੀਤੀ ਆਯੋਗ ਦੇ ਮੈਂਬਰ ਸ਼ਾਮਲ ਸਨ।

ਇਸ ਦੇ ਨਾਲ ਹੀ ਦੇਸ਼ ਵਿੱਚ ਲੌਕਡਾਉਨ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਦੀ ਸ਼ੁਰੂਆਤ ਮਹਾਰਾਸ਼ਟਰ ਤੋਂ ਹੋਈ ਹੈ। ਉਂਝ ਇਸ ਵਾਰ ਸਭ ਕੁਝ ਬੰਦ ਨਹੀਂ ਕੀਤਾ ਜਾ ਰਿਹਾ। ਲੋੜ ਮੁਤਾਬਕ ਹੀ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ। ਮਹਾਰਾਸ਼ਟਰ ਸਰਕਾਰ ਨੇ ਸੂਬੇ ਵਿੱਚ ਸ਼ੁੱਕਰਵਾਰ ਰਾਤ 8 ਵਜੇ ਤੋਂ ਲੈ ਕੇ ਸੋਮਵਾਰ ਸਵੇਰੇ 7 ਵਜੇ ਤੱਕ ਤਾਲਾਬੰਦੀ ਕਰਨ ਦਾ ਐਲਾਨ ਕੀਤਾ ਹੈ। ਹਫ਼ਤੇ ਦੇ ਅਖ਼ੀਰ ਵਿੱਚ ਤਾਲਾਬੰਦੀ ਕਰਨ ਤੋਂ ਇਲਾਵਾ ਸੋਮਵਾਰ ਰਾਤ 8 ਵਜੇ ਤੋਂ ਸਖ਼ਤ ਪਾਬੰਦੀਆਂ ਵੀ ਲਾਗੂ ਹੋ ਜਾਣਗੀਆਂ। ਰਾਤ ਦਾ ਕਰਫਿਊ ਜਾਰੀ ਰਹੇਗਾ ਤੇ ਧਾਰਾ 144 ਤਹਿਤ ਜਾਰੀ ਕੀਤੇ ਗਏ ਪਾਬੰਦੀ ਦੇ ਹੁਕਮ ਹਫ਼ਤੇ ਦੌਰਾਨ ਦਿਨ ਵੇਲੇ ਲਾਗੂ ਰਹਿਣਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ