ਪੰਜਾਬ ਮੰਤਰੀ ਮੰਡਲ ਨੇ ਬੁਧਵਾਰ ਨੂੰ ਗੁਲਾਬੀ ਕੀੜੇ ਦੇ ਹਮਲੇ ਨਾਲ ਫ਼ਸਲ ਨੂੰ ਹੋਏ ਨੁਕਸਾਨ ਤੋਂ ਪ੍ਰਭਾਵਿਤ ਨਰਮੇ ਦੀ ਚੁਗਾਈ ਕਰਨ ਵਾਲੇ ਖੇਤ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਬਣਾਈ ਗਈ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਫੈਸਲੇ ਨਾਲ ਨਰਮੇ ਦੀ ਫਸਲ ‘ਤੇ ਕੀੜਿਆਂ ਦੇ ਹਮਲੇ ਤੋਂ ਪ੍ਰਭਾਵਿਤ ਖੇਤ ਮਜ਼ਦੂਰਾਂ ਨੂੰ ਕੁੱਲ ਮੁਆਵਜ਼ੇ ਦਾ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ।
ਗੁਲਾਬੀ ਕੀੜੇ ਦੇ ਹਮਲੇ ਨੇ ਮਾਨਸਾ, ਸੰਗਰੂਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਨਰਮੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ।
ਪੰਜਾਬ ਸਰਕਾਰ ਨੇ ਪਿਛਲੇ ਮਹੀਨੇ ਕਪਾਹ ਉਤਪਾਦਕਾਂ ਨੂੰ ਗੁਲਾਬੀ ਕੀੜੇ ਦੇ ਹਮਲੇ ਕਾਰਨ ਉਨ੍ਹਾਂ ਦੀ ਫਸਲ ਦੇ ਨੁਕਸਾਨ ਲਈ ਮੁਆਵਜ਼ਾ ਦੇਣ ਲਈ 416 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਸੀ।
ਇਸ ਰਕਮ ਵਿੱਚੋਂ 10 ਫੀਸਦੀ ਕਪਾਹ ਚੁਗਾਈ ਕਰਨ ਵਾਲੇ ਮਜ਼ਦੂਰਾਂ ਨੂੰ ਰਾਹਤ ਵਜੋਂ ਦਿੱਤਾ ਜਾਵੇਗਾ।
ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮੁੱਦੇ ‘ਤੇ, ਮੰਤਰੀ ਮੰਡਲ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਦਰਪੇਸ਼ ਮੁਸ਼ਕਲਾਂ ‘ਤੇ ਵਿਚਾਰ ਵਟਾਂਦਰਾ ਕੀਤਾ ਜੋ ਇਸ ਸਕੀਮ ਦੇ ਲਾਭਪਾਤਰੀ ਹਨ।
ਇਹ ਉਜਾਗਰ ਕੀਤਾ ਗਿਆ ਸੀ ਕਿ ਕੇਂਦਰ ਨੇ 2016 ਤੋਂ ਇਸ ਸਕੀਮ ਤਹਿਤ ਆਪਣਾ 60 ਫੀਸਦੀ ਹਿੱਸਾ ਦੇਣਾ ਬੰਦ ਕਰ ਦਿੱਤਾ ਸੀ।
ਨਤੀਜੇ ਵਜੋਂ, ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਰਾਜ ਸਰਕਾਰ 433.96 ਕਰੋੜ ਰੁਪਏ ਦੀ 40 ਪ੍ਰਤੀਸ਼ਤ ਦੀ ਆਪਣੀ ਦੇਣਦਾਰੀ ਸਹਿਣ ਕਰੇਗੀ, ਜੋ ਵਿੱਤੀ ਸਾਲਾਂ 2021-22 ਅਤੇ 2022-23 ਦੌਰਾਨ ਦੋ ਕਿਸ਼ਤਾਂ ਵਿੱਚ ਜਾਰੀ ਕੀਤੀ ਜਾਵੇਗੀ।
ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ।