ਫ਼ਤਹਿਵੀਰ ਦੀ ਮੌਤ ਬਾਅਦ ਟਿਊਬਵੈੱਲ ਲਾਉਣ ਲਈ ਪੰਜਾਬ ਸਰਕਾਰ ਨੇ ਚੁੱਕੇ ਸਖ਼ਤ ਕਦਮ

Tubewell

ਫ਼ਤਹਿਵੀਰ ਦੀ ਮੌਤ ਬਾਅਦ ਪੰਜਾਬ ਵਿੱਚ ਪੰਜਾਬ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਟਿਊਬਵੈੱਲ ਨਹੀਂ ਲਗਾਏ ਜਾ ਸਕਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੰਜਾਈ ਵਿਭਾਗ ਦੇ ਅਫ਼ਸਰਾਂ ਨੂੰ ਟਿਊਬਵੈੱਲ ਲਾਉਣ ਸਬੰਧੀ ਕਾਨੂੰਨ ਦਾ ਖ਼ਰੜਾ ਤਿਆਰ ਕਰਨ ਦੀਆਂ ਸਖ਼ਤ ਹਦਾਇਤਾਂ ਦੇ ਦਿੱਤੀਆਂ ਹਨ।

ਸਿੰਜਾਈ ਵਿਭਾਗ ਦੇ ਅਫ਼ਸਰਾਂ ਨੇ ਦੱਸਿਆ ਕਿ ਅਗਸਤ ਮਹੀਨੇ ਹੋਣ ਵਾਲੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਨਵਾਂ ਟਿਊਬਵੈਲ ਲਾਉਣ ਬਾਰੇ ਪੰਜਾਬ ਸਰਕਾਰ ਦੁਆਰਾ ਨਵਾਂ ਕਾਨੂੰਨ ਲਾਗੂ ਕੀਤਾ ਜਾ ਰਿਹਾ ਹੈ। ਜੇ ਇਹ ਬਿਲ ਪਾਸ ਹੋ ਜਾਂਦਾ ਹੈ ਤਾਂ ਇਸ ਤੋਂ ਬਾਅਦ ਲੋਕ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਟਿਊਬਵੈੱਲ ਨਹੀਂ ਲਗਾ ਸਕਣਗੇ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਰਤੀ ਹੇਠਲੇ ਪਾਣੀ ਦੀ ਹੋ ਰਹੀ ਦੁਰਵਰਤੋਂ ਨੂੰ ਰੋਕਣ ਲਈ ‘ਪੰਜਾਬ ਜਲ ਸਰੋਤ ਪ੍ਰਬੰਧਨ ਤੇ ਨਿਯੰਤਰਨ (ਕਾਨੂੰਨ)’ ਲੈ ਕੇ ਆਉਣ ਲਈ ਮੰਤਰੀਆਂ ਦੀ ਕਮੇਟੀ ਦਾ ਗਠਨ ਕੀਤਾ ਸੀ ਪਰ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮ੍ਰਿੰਦਰ ਸਿੰਘ ਵਿਚਕਾਰ ਚੱਲ ਰਹੀ ਤਕਰਾਰ ਅਤੇ ਨਵਜੋਤ ਸਿੰਘ ਸਿੱਧੂ ਦੁਆਰਾ ਵਿਰੋਧ ਕਰਨ ਤੇ ਇਹ ਮਾਮਲਾ ਸਿਰੇ ਨਹੀਂ ਚੜ੍ਹ ਸਕਿਆ।

ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿੱਚ ਫ਼ਤਹਿਵੀਰ ਸਿੰਘ ਦੇ ਬੋਰਵੈੱਲ ਵਿੱਚ ਡਿੱਗ ਕੇ ਮੌਤ ਹੋ ਜਾਣ ਬਾਅਦ ਪੰਜਾਬ ਸਰਕਾਰ ਇਸ ਕਾਨੂੰਨ ਨੂੰ ਲਿਆਉਣ ਲਈ ਹੋਰ ਵੀ ਸਖ਼ਤ ਕਦਮ ਪੁੱਟ ਰਹੀ ਹੈ। ਕੇਂਦਰ ਸਰਕਾਰ ਵੱਲੋਂ ਵੀ ‘ਕੇਂਦਰੀ ਗਰਾਊਂਡ ਵਾਟਰ ਅਥਾਰਟੀ’ ਦਾ ਗਠਨ ਕੀਤਾ ਜਾ ਚੁੱਕਾ ਹੈ। ਜਿਸ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪੰਜਾਬ ਵਿੱਚ ਇਸੇ ਸਾਲ ਪਹਿਲੀ ਜੂਨ ਤੋਂ ਕੋਈ ਵੀ ਟਿਊਬਵੈਲ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਨਹੀਂ ਲੱਗ ਸਕਦਾ।