‘ਆਪ’ ਨੇ ਬਜਟ ਖ਼ਾਮੀਆਂ ਗਿਣਾਈਆਂ ਤੇ ਕਿਹਾ ਕਾਂਗਰਸ ਵਾਅਦਿਆਂ ਤੋਂ ਮੁੱਕਰ ਕੇ ਲੋਕਾਂ ਨਾਲ ਧੋਖਾ ਕਰ ਰਹੀ ਹੈ

Harpal Singh Cheema

ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਨੂੰ ਆਮ ਆਦਮੀ ਪਾਰਟੀ ਨੇ ‘ਝੂਠ ਦਾ ਪੁਲੰਦਾ’ ਕਰਾਰ ਦਿੱਤਾ ਹੈ। ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਅਤੇ ਉਪ ਨੇਤਾ ਵਿਰੋਧੀ ਧਿਰ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ ਅਤੇ ਕਾਂਗਰਸ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਚੀਮਾ ਨੇ ਕਿਹਾ ਕਿ ਸਰਕਾਰ ਨੇ ਬਜਟ ਵਿੱਚ ਵਪਾਰੀਆਂ ਲਈ ਕੋਈ ਐਲਾਨ ਨਾ ਕਰਕੇ ਧੋਖਾ ਕੀਤਾ ਹੈ। ਸੂਬੇ ਦੇ ਵਪਾਰੀਆਂ ਨੂੰ 5 ਰੁਪਏ ਪ੍ਰਤੀ ਯੁਨਿਟ ਬਿਜਲੀ ਦੇਣ ਦੀ ਗੱਲ ਵੀ ਜੁਮਲਾ ਸਾਬਿਤ ਹੋਈ ਹੈ।  ਔਰਤਾਂ ਦੀ ਸੁਰੱਖਿਆ ਅਤੇ ਨੌਜਵਾਨਾਂ ਲਈ ਵੀ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ।

ਚੀਮਾ ਨੇ ਕਿਹਾ ਕਿ ਕਾਂਗਰਸ ਆਪਣੇ ਚੋਣ ਮਨੋਰਥ ਪੱਤਰ ਵਿੱਚ ਦਰਜ ਕੀਤੇ ਘਰ-ਘਰ ਰੁਜ਼ਗਾਰ, ਕਰਜ਼ਾ-ਕੁਰਕੀ ਖ਼ਾਤਮਾ, ਮੋਬਾਈਲ ਫ਼ੋਨ, ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਅਤੇ ਦਲਿਤਾਂ ਤੇ ਗ਼ਰੀਬਾਂ ਨੂੰ ਪੈਨਸ਼ਨ ਦੇਣ ਸਮੇਤ ਸਾਰੇ ਵਾਅਦਿਆਂ ਤੋਂ ਮੁੱਕਰੀ ਹੈ। ਪਿਛਲੇ ਬਜਟ ਦੇ ਦੌਰਾਨ ਵੀ ਸਰਕਾਰ ਵੱਲੋਂ ਕਿਸਾਨ ਕਰਜ਼ ਮੁਆਫ਼ੀ ਲਈ ਰੱਖੀ ਗਈ ਰਕਮ ਊਠ ਦੇ ਮੂੰਹ ਜ਼ੀਰਾ ਸਮਾਨ ਸੀ ਪਰ ਇਸ ਸਾਲ ਇਸ ਰਕਮ ਨੂੰ ਹੋਰ ਘਟਾ ਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਭੱਦਾ ਮਜ਼ਾਕ ਕੀਤਾ ਹੈ।

ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ਼ੀ ‘ਤੇ ਪਹਿਲਾਂ ਵੀ ਕਈ ਸਵਾਲ ਉੱਠਦੇ ਰਹੇ ਹਨ ਅਤੇ ਇਹ ਸਕੀਮ ਸਰਕਾਰ ਅਤੇ ਕਾਂਗਰਸੀਆਂ ਦੇ ਨਜ਼ਦੀਕੀਆਂ ਨੂੰ ਰਾਹਤ ਦੇਣ ਦਾ ਜ਼ਰੀਆ ਸਾਬਤ ਹੋਇਆ ਹੈ। ਕਿਸਾਨਾਂ ਦੀਆਂ ਫ਼ਸਲਾਂ ਦੇ ਮੰਡੀਕਰਨ ਵੱਲ ਕੋਈ ਵਿਸ਼ੇਸ਼ ਧਿਆਨ ਨਹੀਂ ਦਿੱਤਾ ਗਿਆ ਜਿਸ ਕਾਰਨ ਕਿਸਾਨਾਂ ਨੂੰ ਫ਼ਸਲਾਂ ਦੇ ਸਹੀ ਭਾਅ ਨਹੀਂ ਮਿਲ ਸਕਦੇ। ਚੀਮਾ ਨੇ ਕਿਹਾ ਕਿ ਪਾਣੀ ਬਚਾਉਣ ਦਾ ਨਾਅਰਾ ਦੇਣ ਵਾਲੀ ਸਰਕਾਰ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਕੱਢਣ ਲਈ ਕੋਈ ਠੋਸ ਨੀਤੀ ਨਹੀਂ ਐਲਾਨੀ।

ਉਨ੍ਹਾਂ ਕਿਹਾ ਕਿ ਸੂਬੇ ਦੇ ਦਰਿਆਵਾਂ ਦੇ ਪ੍ਰਦੂਸ਼ਣ ਤੇ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਹੋਈ। ਕਣਕ-ਝੋਨੇ ਦੇ ਚੱਕਰ ਵਿਚੋਂ ਨਿਕਲ ਕੇ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨ ਵੀ ਬਜਟ ਤੋਂ ਨਿਰਾਸ਼ ਹੋਏ ਹਨ। ਫਲਾਂ ਅਤੇ ਸਬਜ਼ੀਆਂ ਦੇ ਉਚਿੱਤ ਭਾਅ ਨਾ ਮਿਲਣ ਕਾਰਨ ਕਾਸ਼ਤਕਾਰ ਪਰੇਸ਼ਾਨ ਹਨ। ਦਲਿਤਾਂ ਅਤੇ ਪਛੜੀਆਂ ਸ਼੍ਰੇਣੀਆਂ ਪ੍ਰਤੀ ਸਰਕਾਰ ਦੀ ਬੇਰੁਖ਼ੀ ਬਾਰੇ ਬੋਲਦਿਆਂ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਦਲਿਤਾਂ ਨੂੰ ਦਿੱਤੀਆਂ ਜਾਣ ਵਾਲਿਆਂ ਸੁਵਿਧਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਜਿਸ ਕਰਕੇ ਗ਼ਰੀਬ ਲੋਕ ਪ੍ਰੇਸ਼ਾਨ ਹਨ।

Source:AbpSanjha