ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਕੀਤੀ ਕੈਪਟਨ ਦੇ ਮੀਡੀਆ ਸਲਾਹਕਾਰ ਤੇ ਦੋ ਹੋਰਾਂ ਦੀ ਸ਼ਿਕਾਇਤ

captain amrinder singh and raveen thukral

ਸ਼੍ਰੋਮਣੀ ਅਕਾਲੀ ਦਲ ਨੇ ਵੀਰਵਾਰ ਨੂੰ ਮੁੱਖ ਚੋਣ ਕਮਿਸ਼ਨਰ ਕੋਲ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਖ਼ਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਹੈ ਕਿ ਠੁਕਰਾਲ ਨੇ ਬੇਨਿਯਮੀਆਂ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਕਾਂਗਰਸ ਪਾਰਟੀ ਦੇ ਪ੍ਰੈੱਸ ਬਿਆਨ ਪੋਸਟ ਕਰਕੇ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਈਆਂ ਹਨ। ਅਕਾਲੀ ਦਲ ਪ੍ਰਧਾਨ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਇਸ ਸਬੰਧੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਠੁਕਰਾਲ ਸਰਕਾਰੀ ਅਧਿਕਾਰੀ ਹਨ, ਇਸ ਲਈ ਉਹ ਆਪਣੇ ਫੇਸਬੁਕ ਪੇਜ ਉੱਤੇ ਸਿਆਸੀ ਖ਼ਬਰਾਂ ਤੇ ਪ੍ਰੈੱਸ ਬਿਆਨਾਂ ਦਾ ਪ੍ਰਚਾਰ ਨਹੀਂ ਕਰ ਸਕਦੇ। ਇਸ ਨੂੰ ਚੋਣ ਜ਼ਾਬਤੇ ਦੀ ਗੰਭੀਰ ਉਲੰਘਣਾ ਕਰਾਰ ਦਿੰਦਿਆਂ ਬਰਾੜ ਨੇ ਇਸ ਤਰ੍ਹਾਂ ਦਾ ਗੈਰਸੰਜੀਦਾ ਵਿਹਾਰ ਕਰਨ ਲਈ ਠੁਕਰਾਲ ਖ਼ਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਕਾਂਗਰਸ ਨੇ ਸੰਗਰੂਰ ਤੇ ਅਨੰਦਪੁਰ ਸਾਹਿਬ ਲੋਕ ਸਭਾ ਸੀਟਾਂ ਤੇ ਐਲਾਨੇ ਉਮੀਦਵਾਰ

ਬਰਾੜ ਨੇ ਦੱਸਿਆ ਕਿ ਮੀਡੀਆ ਸਲਾਹਕਾਰ ਸਿਆਸੀ ਗਤੀਵਿਧੀਆਂ ਵਿੱਚ ਵੀ ਹਿੱਸਾ ਲੈ ਰਹੇ ਹਨ ਤੇ ਕਾਂਗਰਸ ਪਾਰਟੀ ਦੇ ਪ੍ਰੈੱਸ ਬਿਆਨ ਵੰਡਣ ਦੇ ਕੰਮ ਦੀ ਵੀ ਦੇਖਰੇਖ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਠੁਕਰਾਲ ਨੂੰ ਅਹੁਦੇ ਤੋਂ ਹਟਾਉਣ ਤੋਂ ਇਲਾਵਾ ਉਨ੍ਹਾਂ ਖ਼ਿਲਾਫ ਜਾਣਬੁੱਝ ਕੇ ਬੁਰੀ ਨੀਅਤ ਨਾਲ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਸ ਦੇ ਨਾਲ ਹੀ ਅਕਾਲੀ ਦਲ ਨੇ ਬਠਿੰਡਾ ਦੇ ਡੀਪੀਆਰਓ ਗੁਰਦੀਪ ਮਾਨ ਤੇ ਮਾਨਸਾ ਦੀ ਏਪੀਆਰਓ ਮੇਘਾ ਮਾਨ ਖ਼ਿਲਾਫ ਵੀ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਇਨ੍ਹਾਂ ਅਧਿਕਾਰੀਆਂ ਖ਼ਿਲਾਫ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਅਧਿਕਾਰੀ ਬਠਿੰਡਾ ਦੇ ਵਸਨੀਕ ਹਨ। ਇਸ ਲਈ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਦੋਵੇਂ ਅਧਿਕਾਰੀਆਂ ਨੂੰ ਮੌਜੂਦਾ ਅਹੁਦਿਆਂ ‘ਤੇ ਤਾਇਨਾਤ ਨਹੀਂ ਰਹਿਣਾ ਚਾਹੀਦਾ ਸੀ। ਦੋਵਾਂ ਅਧਿਕਾਰੀਆਂ ਨੂੰ ਤੁਰੰਤ ਫਾਰਗ ਕਰਨ ਤੇ ਬਠਿੰਡਾ ਤੋਂ ਬਾਹਰ ਤਾਇਨਾਤ ਕਰਨ ਲਈ ਕਿਹਾ ਗਿਆ ਹੈ।

Source:AbpSanjha