ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਭੇਂਟ ਕੀਤੀ ਸ਼ਰਧਾਂਜਲੀ

Akali-leader-Daljit-Singh-Chidambaram-pays-tribute-to-late-Punjabi-singer-Sardul-Sikander

ਮਰਹੂਮ ਪੰਜਾਬੀ ਗਾਇਕ ਸੁਰਾਂ ਦੇ ਬਾਦਸ਼ਾਹ ਜਨਾਬ ਸਰਦੂਲ ਸਿਕੰਦਰ ਦੀ ਮ੍ਰਿਤਕ ਦੇਹ ਨੂੰ ਆਖ਼ਰੀ ਦਰਸ਼ਨਾਂ ਲਈ ਖੰਨਾ ਵਿਖੇ ਉਨ੍ਹਾਂ ਘਰ ‘ਚ ਰੱਖਿਆ ਗਿਆ ਹੈ। ਇੱਥੇ ਵੱਡੀ ਗਿਣਤੀ ‘ਚ ਲੋਕ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ।

ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਮਾ ਨੇ ਲਿਖਿਆ ਕਿ ਸਰਦੂਲ ਸਿਕੰਦਰ ਜੀ ਦੇ ਵਿਛੋੜੇ ਨਾਲ ਸੰਗੀਤ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪ੍ਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

ਸਰਦੂਲ ਸਿਕੰਦਰ ਦਿਲ, ਗੁਰਦੇ ਤੇ ਸ਼ੂਗਰ ਦੇ ਰੋਗ ਤੋਂ ਇਲਾਵਾ ਕਰੋਨਾ ਤੋਂ ਵੀ ਪੀੜਤ ਸਨ ਤੇ ਪਿਛਲੇ ਡੇਢ ਮਹੀਨੇ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਪੰਜ ਕੁ ਸਾਲ ਪਹਿਲਾਂ ਉਨ੍ਹਾਂ ਦੀ ਕਿਡਨੀ ਵੀ ਬਦਲੀ ਗਈ ਸੀ ਤੇ ਉਨ੍ਹਾਂ ਦੀ ਪਤਨੀ ਅਮਰ ਨੂਰੀ ਨੇ ਉਨ੍ਹਾਂ ਨੂੰ ਆਪਣੀ ਕਿਡਨੀ ਦਾਨ ਕੀਤੀ ਸੀ।

15 ਜਨਵਰੀ 1961 ਨੂੰ ਪਿੰਡ ਖੇੜੀ ਨੌਧ ਸਿੰਘ ਵਿੱਚ ਉੱਘੇ ਤਬਲਾਵਾਦਕ ਸਾਗਰ ਮਸਤਾਨਾ ਦੇ ਘਰ ਜਨਮੇ ਸਰਦੂਲ ਨੂੰ ਗਾਇਕੀ ਵਿਰਾਸਤ ਵਿੱਚ ਮਿਲੀ ਸੀ। ਉਸ ਦੇ ਪੁਰਖੇ ਪਟਿਆਲਾ ਦੇ ਸੰਗੀਤ ਘਰਾਣੇ ਨਾਲ ਸਬੰਧਤ ਸਨ। ਉਹ ਛੇ ਭੈਣ-ਭਰਾ ਸਨ।

ਦੱਸ ਦੇਈਏ ਕਿ ਸੰਨ 1980 ਵਿੱਚ ਉਨ੍ਹਾਂ ਦੀ ਪਹਿਲੀ ਕੈਸੇਟ ‘ਰੋਡਵੇਜ਼ ਦੀ ਲਾਰੀ’ ਕਾਫ਼ੀ ਮਕਬੂਲ ਹੋਈ। ਉਨ੍ਹਾਂ ਦੀ ਵਿਸ਼ਵ ਪੱਧਰ ‘ਤੇ ਸਭ ਤੋਂ ਵੱਧ ਪੰਜ ਮਿਲੀਅਨ ਤੱਕ ਵਿਕਣ ਵਾਲੀ 1991 ਵਿੱਚ ਆਈ ਕੈਸੇਟ ‘ਹੁਸਨਾਂ ਦੇ ਮਾਲਕੋ’ ਸੀ। ਸਰਦੂਲ ਨੇ ਦੇਸ਼-ਵਿਦੇਸ਼ ਵਿੱਚ ਸੈਂਕੜੇ ਸ਼ੋਅ ਕੀਤੇ ਤੇ ਸੈਂਕੜੇ ਸੰਸਥਾਵਾਂ ਵੱਲੋਂ ਉਸ ਨੂੰ ਵੱਕਾਰੀ ਸਨਮਾਨ ਭੇਟ ਕੀਤੇ ਗਏ। ਉਹ ਚੰਗੀ ਅਵਾਜ ਦੇ ਮਲਿਕ ਸਨ। ਬਹੁਤ ਸਾਰੇ ਕਲਾਕਾਰਾਂ ਨੇ ਵੀ ਉਹਨਾਂ ਤੋਂ ਗਾਇਕੀ ਦੀ ਸਿਖਿਆ ਲਈ ਸੀ। ਹੁਣ ਸੁਰਾਂ ਦੇ ਸਿਕੰਦਰ ਤੇ  ਖੂਬਸੂਰਤ ਅਵਾਜ ਦੇ ਮਲਿਕ ਅੱਜ ਸਾਡੇ ਵਿੱਚ ਨਹੀਂ ਰਹੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ