Gobind Singh Longowal Breaking News: ਖੰਨਾ ਦੇ ਪੁਲਿਸ ਥਾਣੇ ਅੰਦਰ ਅੰਮ੍ਰਿਤਧਾਰੀ ਸਿੱਖਾਂ ਤੇ ਤਸ਼ੱਦਦ ਕਰਨ ਵਾਲੇ ਨੂੰ ਸਜ਼ਾ ਮਿਲਣੀ ਚਾਹੀਦੀ ਹੈ: ਲੌਂਗੋਵਾਲ

bhai-gobind-singh-logowal-breaking-news

Gobind Singh Longowal Breaking News: ਲੰਘੇ ਅਪ੍ਰੈਲ ਮਹੀਨੇ ਖੰਨਾ ਦੇ ਪੁਲਸ ਥਾਣੇ ਅੰਦਰ ਥਾਣੇਦਾਰ ਸਮੇਤ ਪੁਲਸ ਮੁਲਾਜ਼ਮਾਂ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਜਗਪਾਲ ਸਿੰਘ, ਉਸ ਦੇ ਪੁੱਤਰ ਅਤੇ ਇਕ ਹੋਰ ਵਿਅਕਤੀ ਨੂੰ ਨੰਗਾ ਕਰਕੇ ਕੀਤੇ ਗਏ ਅਣਮਨੁੱਖੀ ਤਸ਼ੱਦਦ ਦੇ 4 ਮਹੀਨੇ ਬੀਤਣ ਮਗਰੋਂ ਵੀ ਸਬੰਧਤ ਥਾਣੇਦਾਰ ‘ਤੇ ਕੋਈ ਕਾਰਵਾਈ ਨਾ ਹੋਣਾ ਮੰਦਭਾਗੀ ਗੱਲ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਇਸ ਮੰਦਭਾਗੀ ਘਟਨਾ ਦੇ ਦੋਸ਼ੀ ਥਾਣੇਦਾਰ ਬਲਜਿੰਦਰ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

ਇਹ ਵੀ ਪੜ੍ਹੋ: Amritsar Breking News: ਸਿਵਲ ਹਸਪਤਾਲ ਵਿੱਚ ਡੋਪ ਟੈਸਟ ਦੇਣ ਗਏ ਨੌਜਵਾਨ ਨੇ ਪਿਸ਼ਾਬ ਦੀ ਜਗ੍ਹਾ ਦਿੱਤਾ ਮਿਨਰਲ ਪਾਣੀ ਦਾ ਟੈਸਟ

ਭਾਈ ਲੌਂਗੋਵਾਲ ਨੇ ਕਿਹਾ ਕਿ ਪੁਲਸ ਨੂੰ ਇਹ ਬਿਲਕੁਲ ਅਧਿਕਾਰ ਨਹੀਂ ਹੈ ਕਿ ਉਹ ਥਾਣਿਆਂ ਅੰਦਰ ਅਨੈਤਿਕ ਕਾਰਵਾਈਆਂ ਕਰੇ। ਕਿਸੇ ਵੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਨਾਲ ਅਣਮਨੁੱਖੀ ਵਿਹਾਰ ਕਰਨਾ ਗਲਤ ਹੈ ਅਤੇ ਅਜਿਹਾ ਕਰਨ ਕਰਕੇ ਖੰਨਾ ਥਾਣੇ ਦੇ ਤਤਕਾਲੀ ਐੱਸ. ਐੱਚ. ਓ. ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਘਟਨਾ ਵਾਪਰਨ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਖ਼ਤ ਕਾਨੂੰਨੀ ਕਾਰਵਾਈ ਲਈ ਪੱਤਰ ਲਿਖਿਆ ਸੀ, ਜਿਸ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਜ਼ਰੂਰ ਹੋਵੇਗੀ ਅਤੇ ਇਸ ਸਬੰਧੀ ਉਨ੍ਹਾਂ ਨੇ ਪੰਜਾਬ ਦੇ ਡੀ. ਜੀ. ਪੀ. ਨੂੰ ਕਹਿ ਦਿੱਤਾ ਹੈ।

ਭਾਈ ਲੌਂਗੋਵਾਲ ਨੇ ਆਖਿਆ ਕਿ ਹੈਰਾਨੀ ਦੀ ਗੱਲ ਹੈ ਕਿ 4 ਮਹੀਨੇ ਬੀਤਣ ਮਗਰੋਂ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸ ਮਾਮਲੇ ਵਿਚ ਐੱਸ. ਆਈ. ਟੀ. ਦੀ ਰਿਪੋਰਟ ਦੇ ਆਧਾਰ ‘ਤੇ ਦਰਜ ਕੀਤੇ ਗਏ ਕੇਸ ਵਿਚ ਵੀ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਐੱਸ. ਐੱਚ. ਓ. ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਨਾ ਹੀ ਸਖ਼ਤ ਸਜ਼ਾ ਲਈ ਕੋਈ ਕਾਰਵਾਈ ਕੀਤੀ ਗਈ। ਲੌਂਗੋਵਾਲ ਨੇ ਕਿਹਾ ਕਿ ਇਹ ਸਰਾਸਰ ਗਲਤ ਹੈ, ਜਿਸ ‘ਤੇ ਮੁੱਖ ਮੰਤਰੀ ਨੂੰ ਨੋਟਿਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਕਿਉਂਕਿ ਪੀੜਤ ਵਿਅਕਤੀ ਅੰਮ੍ਰਿਤਧਾਰੀ ਗੁਰਸਿੱਖ ਹਨ ਅਤੇ ਉਨ੍ਹਾਂ ‘ਤੇ ਤਸ਼ੱਦਦ ਸਮੇਂ ਜਿੱਥੇ ਉਨ੍ਹਾਂ ਨੂੰ ਅਲਫ਼ ਨੰਗਾ ਕੀਤਾ ਗਿਆ, ਉੱਥੇ ਹੀ ਉਨ੍ਹਾਂ ਦੇ ਕਕਾਰਾਂ ਦੀ ਵੀ ਤੌਹੀਨ ਕੀਤੀ ਗਈ। ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਦੋਸ਼ੀ ਥਾਣੇਦਾਰ ਸਮੇਤ ਹੋਰਨਾ ਨੂੰ ਤੁਰੰਤ ਗ੍ਰਿਫ਼ਤਾਰ ਕਰਦਿਆਂ ਸਖ਼ਤ ਸਜ਼ਾ ਦਿਵਾਈ ਜਾਏ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ