ਬਾਦਲ ਪਰਿਵਾਰ ਦੇ ਖਾਸ-ਮ-ਖਾਸ ਦਿਆਲ ਸਿੰਘ ਕੋਲਿਆਂਵਾਲੀ ਦੇ ਖਿਲਾਫ ਗ੍ਰਿਫ਼ਤਾਰੀ ਵਾਰੰਟ

Badal Sukhbir Dyal S Kolianwali

ਚੰਡੀਗੜ੍ਹ: ਬਾਦਲ ਪਰਿਵਾਰ ਦੇ ਨਜ਼ਦੀਕੀ ਦਿਆਲ ਸਿੰਘ ਕੋਲਿਆਂਵਾਲੀ ਦੇ ਗ੍ਰਿਫ਼ਤਾਰੀ ਵਾਰੰਟ ਨਿਕਲ ਗਏ ਹਨ। ਪੁਲਿਸ ਉਸ ਦੀ ਗ੍ਰਿਫਤਾਰੀ ਲਈ ਛਾਪੇ ਮਾਰ ਰਹੀ ਹੈ। ਕੋਲਿਆਂਵਾਲੀ ਤੇ ਉਸ ਦੇ ਪਰਿਵਾਰਕ ਮੈਂਬਰ ਅਜੇ ਤੱਕ ਰੂਪੋਸ਼ ਹਨ। ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਵਿਜੀਲੈਂਸ ਨੇ ਅਦਾਲਤ ਤੋਂ ਗ੍ਰਿਫਤਾਰੀ ਵਾਰੰਟਾਂ ਦੀ ਮੰਗ ਕੀਤੀ ਸੀ।

dyal singh kolianwali

ਵਿਜੀਲੈਂਸ ਦੀ ਅਰਜ਼ੀ ਸਵੀਕਾਰ ਕਰਦਿਆਂ ਮੁਹਾਲੀ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਸਾਬਕਾ ਮੈਂਬਰ ਤੇ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਚੇਅਰਮੈਨ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਵਿਜੀਲੈਂਸ ਦੇ ਡੀਐਸਪੀ ਅਸ਼ਵਨੀ ਕੁਮਾਰ ਨੇ ਅਰਜ਼ੀ ਦਾਇਰ ਕਰਕੇ ਅਕਾਲੀ ਲੀਡਰ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਚੋਣ ਵਿਭਾਗ ਨੇ ਚੋਣਾਂ ਦੇ ਖ਼ਰਚੇ ‘ਤੇ ਨਿਗਰਾਨੀ ਰੱਖਣ ਲਈ ਦੋ ਸੀਨੀਅਰ ਅਧਿਕਾਰੀਆਂ ਨੂੰ ਕੀਤਾ ਨਿਉਕਤ

ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਬੀਤੀ 15 ਮਾਰਚ ਨੂੰ ਅਦਾਲਤ ਵੱਲੋਂ ਜਥੇਦਾਰ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰਨ ਤੋਂ ਬਾਅਦ ਵਿਜੀਲੈਂਸ ਨੇ ਅਕਾਲੀ ਜਥੇਦਾਰ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ ਸੀ। ਵਿਜੀਲੈਂਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਅਕਾਲੀ ਆਗੂ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੇ ਜੱਦੀ ਪਿੰਡ ਤੇ ਹੋਰ ਕਈ ਥਾਵਾਂ ’ਤੇ ਛਾਪੇ ਮਾਰੇ ਗਏ, ਪਰ ਮੁਲਜ਼ਮ ਕਿਤੇ ਨਹੀਂ ਮਿਲਿਆ।

ਅਦਾਲਤ ਨੇ ਵਿਜੀਲੈਂਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਕੋਲਿਆਂਵਾਲੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਤੇ 12 ਅਪਰੈਲ ਨੂੰ ਰਿਪੋਰਟ ਦੇਣ ਲਈ ਆਖਿਆ। ਇਸ ਬਾਰੇ ਵਿਜੀਲੈਂਸ ਦੇ ਐਸਐਸਪੀ ਅਸ਼ੋਕ ਬਾਠ ਨੇ ਦੱਸਿਆ ਕਿ ਜਥੇਦਾਰ ਕੋਲਿਆਂਵਾਲੀ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਦੀਆਂ ਟੀਮਾਂ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਕੋਲਿਆਂਵਾਲੀ ਤੇ ਹੋਰ ਟਿਕਾਣਿਆਂ ’ਤੇ ਛਾਪੇ ਮਾਰੇ ਗਏ ਹਨ ਤੇ ਕੋਲਿਆਂਵਾਲੀ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Source:AbpSanjha