ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ ਖਿੱਚੋਤਾਣ ਤੇਜ਼ ਹੋ ਗਈ ਹੈ। ਇਸ ਫੈਸਲੇ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਸੀਐਮ ਭਗਵੰਤ ਮਾਨ ਨੂੰ ਨਿਸ਼ਾਨਾ ਬਣਾ ਰਹੀ ਹੈ। ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਸੁਰੱਖਿਆ ਵਧਾਉਣ ‘ਤੇ ਸਵਾਲ ਖੜ੍ਹੇ ਕੀਤੇ ਹਨ।
ਦਰਅਸਲ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਦੀ ਸੁਰੱਖਿਆ ਵਧਾਉਣ ‘ਤੇ ਪੰਜਾਬ ‘ਚ ਕਾਨੂੰਨ ਅਤੇ ਸੁਰੱਖਿਆ ਵਿਵਸਥਾ ‘ਤੇ ਨਵੀਂ ਬਹਿਸ ਸ਼ੁਰੂ ਹੋ ਗਈ ਹੈ। 6 ਫਰਵਰੀ 2023 ਨੂੰ ਸਪੈਸ਼ਲ ਪ੍ਰੋਟੈਕਸ਼ਨ ਯੂਨਿਟ ਦੇ ਏਡੀਜੀਪੀ ਏਕੇ ਪਾਂਡੇ ਨੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਡਾਕਟਰ ਗੁਰਪ੍ਰੀਤ ਕੌਰ ਦੀ ਸੁਰੱਖਿਆ ਵਧਾਉਣ ਲਈ ਕਿਹਾ ਸੀ। ਉਨ੍ਹਾਂ ਨੇ ਕੌਰ ਦੀ ਸੁਰੱਖਿਆ ਲਈ ਤਾਇਨਾਤ 15 ਮੁਲਾਜ਼ਮਾਂ ਤੋਂ ਇਲਾਵਾ 20-25 ਵਾਧੂ ਪੁਲੀਸ ਮੁਲਾਜ਼ਮ ਤਾਇਨਾਤ ਕਰਨ ਦੇ ਹੁਕਮ ਦਿੱਤੇ ਸਨ। ਪੁਲੀਸ ਸੂਤਰਾਂ ਅਨੁਸਾਰ ਗੁਰਪ੍ਰੀਤ ਕੌਰ ਦੀ ਜਨਤਕ ਮੀਟਿੰਗ ਦੌਰਾਨ ਕੁਝ ਲੋਕ ਉਸ ਦੇ ਬਹੁਤ ਨੇੜੇ ਪਹੁੰਚ ਗਏ ਸਨ, ਅਜਿਹੇ ਵਿੱਚ ਉਸ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਗਿਆ।
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹਾਲ ਹੀ ਵਿੱਚ ਦਾਅਵਾ ਕੀਤਾ ਸੀ ਕਿ ਭਗਵੰਤ ਮਾਨ ਦੀ ਮਾਂ ਅਤੇ ਭੈਣ ਦੀ ਸੁਰੱਖਿਆ ਲਈ 20-20 ਜਵਾਨ ਤਾਇਨਾਤ ਕੀਤੇ ਗਏ ਹਨ। ਇੰਨਾ ਹੀ ਨਹੀਂ ਉਨ੍ਹਾਂ ਦਾਅਵਾ ਕੀਤਾ ਸੀ ਕਿ ਭਗਵੰਤ ਮਾਨ ਦੀ ਸੁਰੱਖਿਆ ਲਈ 850 ਸੁਰੱਖਿਆ ਮੁਲਾਜ਼ਮ ਤਾਇਨਾਤ ਹਨ। ਹਾਲ ਹੀ ਵਿੱਚ ਇੱਕ ਆਰਟੀਆਈ ਵਿੱਚ ਖੁਲਾਸਾ ਹੋਇਆ ਸੀ ਕਿ ਭਗਵੰਤ ਮਾਨ ਦੇ ਕਾਫ਼ਲੇ ਵਿੱਚ 42 ਗੱਡੀਆਂ ਤਾਇਨਾਤ ਹਨ।
ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆਏ ਭਗਵੰਤ ਮਾਨ
ਆਪਣੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਭਗਵੰਤ ਮਾਨ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਨਿੱਤ ਨਵੀਂ ਘਟਨਾ ਦੇਖਣ ਨੂੰ ਮਿਲ ਰਹੀ ਹੈ। ਅਮਨ ਕਾਨੂੰਨ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਹਰ ਰੋਜ਼ ਜਬਰੀ ਵਸੂਲੀ ਦੀਆਂ ਖ਼ਬਰਾਂ ਆ ਰਹੀਆਂ ਹਨ। ਮੈਂ ਆਪਣੇ ਪਿੰਡ ਵਿੱਚ ਬਹੁਤ ਸਾਰੇ ਲੋਕਾਂ ਨੂੰ ਮਿਲਿਆ ਜਿਨ੍ਹਾਂ ਤੋਂ ਗੈਂਗਸਟਰ ਵਲੋਂ 25 ਲੱਖ ਤੋਂ 40 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਇੱਕ ਡਰ ਪੈਦਾ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਦੀ ਸੁਰੱਖਿਆ ਲਈ ਸੈਂਕੜੇ ਪੁਲਿਸ ਮੁਲਾਜ਼ਮ ਤਾਇਨਾਤ ਹਨ। ਜਦੋਂ ਕਿ ਗਰੀਬਾਂ ਕੋਲ ਕੋਈ ਚਾਰਾ ਨਹੀਂ ਹੈ।
ਕਾਂਗਰਸੀ ਆਗੂ ਪਰਗਟ ਸਿੰਘ ਨੇ ਸਵਾਲ ਕੀਤਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੇ ਪਰਿਵਾਰ ਨੂੰ ਕੈਬਨਿਟ ਮੰਤਰੀਆਂ ਨਾਲੋਂ ਵੱਧ ਸੁਰੱਖਿਆ ਕਿਉਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਲਈ 40 ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਹ ਉਹੀ ਸੂਬਾ ਹੈ ਜਿੱਥੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ‘ਆਪ’ ਸਰਕਾਰ ਵੱਲੋਂ ਸੁਰੱਖਿਆ ਘਟਾ ਕੇ ਹੱਤਿਆ ਕਰ ਦਿੱਤੀ ਗਈ ਸੀ। ‘ਆਪ’ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ।
ਸਿੱਧੂ ਮੂਸੇਵਾਲੇ ਦੇ ਪਿਤਾ ਨੇ ਚੁੱਕੇ ਸਵਾਲ
ਦੂਜੇ ਪਾਸੇ ਭਗਵੰਤ ਮਾਨ ਲਗਾਤਾਰ ਦਾਅਵਾ ਕਰ ਰਹੇ ਹਨ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਕੋਈ ਸਮੱਸਿਆ ਨਹੀਂ ਹੈ। ਸੂਬੇ ਵਿੱਚ ਅਪਰਾਧ ਦਰ ਵਿੱਚ ਕਮੀ ਆਈ ਹੈ। ਜਦਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ ਕਿ ਜੇਕਰ ਸੂਬੇ ‘ਚ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਠੀਕ ਹੈ ਤਾਂ ਉਨ੍ਹਾਂ ਦਾ ਪਰਿਵਾਰ ਬਿਨਾਂ ਸੁਰੱਖਿਆ ਦੇ ਸੂਬੇ ‘ਚ ਘੁੰਮਣ।
ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸੂਬੇ ‘ਚ ਕਾਨੂੰਨ ਵਿਵਸਥਾ ਕੰਟਰੋਲ ‘ਚ ਹੈ ਤਾਂ ਮਾਨ ਦੀ ਪਤਨੀ ਦੇ ਨਾਲ 40 ਪੁਲਸ ਕਰਮਚਾਰੀ ਕਿਉਂ ਤਾਇਨਾਤ ਕੀਤੇ ਗਏ? ਜੇਕਰ ਸੁਰੱਖਿਆ ਵਿਵਸਥਾ ਵਧੀਆ ਹੈ ਤਾਂ ਭਗਵੰਤ ਮਾਨ ਸੁਰੱਖਿਆ ਕਰਮੀਆਂ ਦੇ ਨਾਲ ਕਿਉਂ ਘੁੰਮ ਰਹੇ ਹਨ। ਜੇ ਤੁਸੀਂ ਇੱਕ ਆਮ ਆਦਮੀ ਹੋ, ਤਾਂ ਆਮ ਆਦਮੀ ਵਾਂਗ ਸੁਰੱਖਿਆ ਤੋਂ ਬਿਨਾਂ ਸੂਬੇ ਵਿੱਚ ਘੁੰਮੋ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ