ਕਿਸਾਨ ਆਪਣੀਆਂ ਫ਼ਸਲਾਂ ਬਰਬਾਦ ਨਾ ਕਰਨ, ਇਸ ਨਾਲ ਸਰਕਾਰ ਨੂੰ ਕੋਈ ਫਰਕ ਨਹੀਂ ਪੈਣਾ: ਗੁਰਨਾਮ ਚੜੂਨੀ

Farmers-should-not-waste-their-crops

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ।

ਇਸ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਪੁੱਤਾਂ ਵਾਂਗ ਪਾਲ ਕੇ ਤਿਆਰ ਕੀਤੀ ਫਸਲ ਨੂੰ ਬਰਬਾਦ ਨਾ ਕਰਨ, ਕਿਉਂਕਿ ਇਸ ਸਰਕਾਰ ਨੂੰ ਅਜਿਹਾ ਕਰਨ ਨਾਲ ਕੋਈ ਫਰਕ ਨਹੀਂ ਪੈਣਾ। ਚੜੂਨੀ ਸਿਰਸਾ ਭਾਵਦੀਨ ਟੋਲ ਪਲਾਜ਼ਾ ਪਹੁੰਚੇ ਸਨ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ ਹੈ।

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਮੋਦੀ ਸਰਕਾਰ ‘ਤੇ ਬੇਰਹਿਮ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਬਰਬਾਦ ਕਰਨ ਵਾਲੀਆਂ ਖੇਤੀ ਨੀਤੀਆਂ ਵਿਰੁੱਧ ਚੱਲ ਰਹੇ ਅੰਦੋਲਨ ਦੌਰਾਨ ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ, ਉਦੋਂ ਸਰਕਾਰ ਨੂੰ ਕੋਈ ਫਰਕ ਨਹੀਂ ਪਿਆ ਤਾਂ ਹੁਣ ਫਸਲਾਂ ਬਰਬਾਦ ਕਰਨ ਨਾਲ ਵੀ ਸਰਕਾਰ ਨੂੰ ਕੋਈ ਫਰਕ ਨਹੀਂ ਪੈਣਾ। ਉਨ੍ਹਾਂ ਨੇ ਕਿਹਾ ਕਿ ਅਸੀਂ ਸਰਕਾਰ ਨਾਲ ਲੜਾਂਗੇ ਅਤੇ ਜਿੱਤਾਂਗੇ।

ਚੜੂਨੀ ਨੇ ਕਿਹਾ ਕਿ ਕਿਸਾਨਾਂ ਨੂੰ ਭਾਜਪਾ ਨੇਤਾਵਾਂ ਦੇ ਪ੍ਰੋਗਰਾਮਾਂ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰਨਾ ਚਾਹੀਦਾ ਹੈ। ਜੇਕਰ ਪੁਲਿਸ ਕਿਸਾਨਾਂ ਖਿਲਾਫ ਕੋਈ ਕਾਰਵਾਈ ਕਰਦੀ ਹੈ ਤਾਂ ਕੋਈ ਸਮੱਸਿਆ ਨਹੀਂ ਪਰ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਹਰਿਆਣਾ ਅਤੇ ਪੰਜਾਬ ਵਿੱਚ ਕਿਸਾਨ ਮਹਾਂ ਪੰਚਾਇਤਾਂ ਦੀ ਜ਼ਰੂਰਤ ਨਹੀਂ ਹੈ, ਦੇਸ਼ ਦੇ ਹੋਰ ਖੇਤਰਾਂ ਵਿੱਚ ਮਹਾਂਪੰਚਾਇਤਾਂ ਕਰਵਾਈਆਂ ਜਾਣਗੀਆਂ ਤਾਂ ਜੋ ਉੱਥੋਂ ਦੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਸਕੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ