ਕੈਪਟਨ ਸਰਕਾਰ ਨੇ ਖੋਲ੍ਹੀ ਭਰਤੀ, 1.2 ਲੱਖ ਅਸਾਮੀਆਂ ਭਰਨ ਦਾ ਐਲਾਨ

jobs in punjab

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਾਂ ਸਾਲ ਚੜ੍ਹਦਿਆਂ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 1.2 ਲੱਖ ਅਸਾਮੀਆਂ ਭਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਹ ਅਸਾਮੀਆਂ ਪੜਾਅਵਾਰ ਭਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਪਹਿਲੇ ਪੜਾਅ ਦੌਰਾਨ ਸਿਹਤ, ਸਿੱਖਿਆ ਤੇ ਡਾਕਟਰੀ ਸਿੱਖਿਆ ਤੇ ਖੋਜ ਵਰਗੇ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਭਰਨ ਲਈ ਆਖਿਆ ਹੈ।

ਮੁੱਖ ਮੰਤਰੀ ਨੇ ਇਹ ਨਿਰਦੇਸ਼ ਸੂਬਾ ਸਰਕਾਰ ਦੀ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੌਰਾਨ ਉੱਚ ਪੱਧਰੀ ਮੀਟਿੰਗ ਵਿੱਚ ਜਾਰੀ ਕੀਤੇ। ਅਸਾਮੀਆਂ ਭਰਨ ਲਈ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਰੂਪ-ਰੇਖਾ ਤਿਆਰ ਕਰਨ ਲਈ ਆਖਿਆ ਹੈ। ਵੱਖ-ਵੱਖ ਵਿਭਾਗਾਂ ਵਿੱਚ ਭਰੀਆਂ ਜਾਣ ਵਾਲੀਆਂ ਅਸਾਮੀਆਂ ਬਾਰੇ ਮੁੱਖ ਸਕੱਤਰ ਨੂੰ ਪ੍ਰਸ਼ਾਸਕੀ ਸਕੱਤਰਾਂ ਦੇ ਨਾਲ ਮੀਟਿੰਗ ਕਰਨ ਲਈ ਕਿਹਾ ਹੈ।

ਉਨ੍ਹਾਂ ਨੌਕਰੀਆਂ ਵਾਸਤੇ ਉਭਰ ਰਹੀਆਂ ਨਵੀਆਂ ਜ਼ਰੂਰਤਾਂ ਦੀ ਲੀਹ ’ਤੇ ਅਰਧ ਹੁਨਰਮੰਦਾਂ ਤੇ ਗ਼ੈਰ ਹੁਨਰਮੰਦਾਂ ਨੂੰ ਨਤੀਜਾ-ਮੁਖੀ ਸਿਖਲਾਈ ਦੇਣ ਵਾਸਤੇ ਹੁਨਰ ਵਿਕਾਸ ਮਿਸ਼ਨ ਦੇ ਤਾਲਮੇਲ ਨਾਲ ਵਿਸ਼ੇਸ਼ ਸਿਖਲਾਈ ਸਬੰਧੀ ਵੀ ਜ਼ੋਰ ਦਿੱਤਾ। ਤਕਨੀਕੀ ਸਿੱਖਿਆ ਤੇ ਰੋਜ਼ਗਾਰ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਡੀ.ਈ.ਜੀ.ਟੀ ਵੱਲੋਂ ‘ਓਵਰਸੀਜ਼ ਐਂਪਲਾਇਮੈਂਟ ਕੈਂਪ’ ਦੌਰਾਨ ਵਿਦੇਸ਼ੀ ਕੰਪਨੀਆਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਲਈ 30 ਹਜ਼ਾਰ ਨੌਜਵਾਨਾਂ ਨੇ ਬਹੁਤ ਸਾਰੀਆਂ ਵਿਦੇਸ਼ੀ ਕੰਪਨੀਆਂ ਨੇ 5000 ਨੌਕਰੀਆਂ ਵਾਸਤੇ ਖਾਹਿਸ਼ਮੰਦਾਂ ਦੀ ਚੋਣ ਲਈ ਸ਼ਮੂਲੀਅਤ ਕੀਤੀ ਪਰ ਸਿਰਫ 500 ਦੀ ਹੀ ਚੋਣ ਹੋਈ।

ਕੈਪਟਨ ਨੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਦੇ ਹੇਠ ਵੱਖ-ਵੱਖ ਸਕੀਮਾਂ ਨੂੰ ਚਲਾਉਣ ਲਈ ਤੁਰੰਤ 5 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਵਾਸਤੇ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ। ਅਗਲੇ ਵਿੱਤੀ ਸਾਲ ਦੌਰਾਨ 23 ਕਰੋੜ ਰੁਪਏ ਦੀ ਵਿੱਤੀ ਵਿਵਸਥਾ ਕਰਨ ਲਈ ਵੀ ਵਿੱਤ ਵਿਭਾਗ ਨੂੰ ਆਖਿਆ।

Source:AbpSanjha