ਖਾਲਿਸਤਾਨੀਆਂ ਸੰਗਠਨਾਂ ਨਾਲ ਸਬੰਧਾਂ ਦੇ ਕੇਸ ‘ਚੋਂ ਗਿਰਫ਼ਤਾਰ ਜੱਗੀ ਜੌਹਲ ਆਪਣੇ ਚਾਰ ਸਾਥੀਆਂ ਸਣੇ ਬਰੀ

Jaggi Johal

ਫਰੀਦਕੋਟ ਅਦਾਲਤ ਨੇ ਪਰਵਾਸੀ ਪੰਜਾਬੀ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਤੇ ਉਸ ਦੇ ਚਾਰ ਸਾਥੀਆਂ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਖਿਲਾਫ ਅੱਤਵਾਦੀ ਗਤੀਵਿਧੀਆਂ ਕਰਾਉਣ ਤੇ ਖਾਲਿਸਤਾਨੀ ਸੰਗਠਨਾਂ ਨੂੰ ਅਰਾਜਕਤਾ ਫੈਲਾਉਣ ਲਈ ਫੰਡ ਮੁਹੱਈਆ ਕਰਵਾਉਣ ਦੇ ਦੋਸ਼ ਸੀ। ਵਿਸ਼ੇਸ਼ ਜੱਜ ਰਾਜੇਸ਼ ਕੁਮਾਰ ਦੀ ਅਦਾਲਤ ਨੇ ਕੇਸ ਦੀ ਸਮੁੱਚੀ ਪੜਤਾਲ ਨੂੰ ਨੁਕਸਦਾਰ ਤੇ ਗੈਰਕਾਨੂੰਨੀ ਮੰਨਦਿਆਂ ਮੁਲਜ਼ਮਾਂ ਨੂੰ ਬਰੀ ਕਰਨ ਦਾ ਹੁਕਮ ਦਿੱਤਾ ਹੈ। ਜੱਗੀ ਜੌਹਲ ਤੇ ਤਲਜੀਤ ਸਿੰਘ ਖ਼ਿਲਾਫ਼ ਫ਼ਰੀਦਕੋਟ ਤੋਂ ਇਲਾਵਾ ਅੰਮ੍ਰਿਤਸਰ, ਮੋਗਾ ਤੇ ਜਲੰਧਰ ਜ਼ਿਲ੍ਹਿਆਂ ਵਿੱਚ ਕਰੀਬ ਦਰਜਨ ਮਾਮਲੇ ਦਰਜ ਕੀਤੇ ਗਏ ਸਨ।

ਇਹ ਵੀ ਪੜ੍ਹੋ : ਹਿਮਾਚਲ : ਪਿੰਡ ਦੇ ਲੋਕਾਂ ਨੇ ਪੰਜਾਬ ਪੁਲਿਸ ਦੇ ਮੁਲਾਜਮਾਂ ਨੂੰ ਬੰਧਕ ਬਣਾਕੇ ਕੁੱਟਿਆ ਤੇ ਹਥਿਆਰ ਵੀ ਖੋਹ ਲਏ

ਪਰਵਾਸੀ ਪੰਜਾਬੀ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਨੂੰ ਥਾਣਾ ਰਾਮਦਾਸ, ਜ਼ਿਲ੍ਹਾ ਅੰਮ੍ਰਿਤਸਰ ਦੀ ਪੁਲਿਸ ਨੇ 21 ਮਈ, 2017 ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਦਾਅਵਾ ਕੀਤਾ ਸੀ ਕਿ ਉਹ ਅੱਤਵਾਦੀ ਜਥੇਬੰਦੀਆਂ ਨੂੰ ਅਸਲਾ ਤੇ ਪੈਸਾ ਮੁਹੱਈਆ ਕਰਵਾਉਂਦਾ ਹੈ। ਇਸ ਮਾਮਲੇ ਦੀ ਪੜਤਾਲ ਦੌਰਾਨ ਫ਼ਰੀਦਕੋਟ ਦੀ ਪੁਲਿਸ ਨੇ 26 ਜੂਨ 2017 ਨੂੰ ਜਗਤਾਰ ਸਿੰਘ ਜੱਗੀ ਜੌਹਲ, ਜਗਜੀਤ ਸਿੰਘ, ਤਲਜੀਤ ਸਿੰਘ ਵਾਸੀ ਜੰਮੂ, ਗੁਰਪ੍ਰੀਤ ਸਿੰਘ ਵਾਸੀ ਕੋਟਕਪੂਰਾ ਤੇ ਤ੍ਰਿਲੋਕ ਸਿੰਘ ਵਾਸੀ ਕੈਨੇਡਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਅਸਲਾ ਐਕਟ ਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ।

ਪੁਲਿਸ ਨੇ ਇਸ ਮਾਮਲੇ ਵਿੱਚ ਜੁਲਾਈ 2018 ਵਿੱਚ ਅਦਾਲਤ ’ਚ ਦੋਸ਼ ਪੱਤਰ ਦਾਇਰ ਕੀਤੇ ਸਨ। ਇਸ ਵਿੱਚ ਦਾਅਵਾ ਕੀਤਾ ਸੀ ਕਿ ਉਕਤ ਸਾਰੇ ਵਿਅਕਤੀ ਅੱਤਵਾਦੀ ਜਥੇਬੰਦੀਆਂ ਨਾਲ ਮਿਲ ਕੇ ਪੰਜਾਬ ਵਿੱਚ ਮਾਹੌਲ ਖ਼ਰਾਬ ਕਰਨ ਲਈ ਸਰਗਰਮ ਸਨ। ਤਫਤੀਸ਼ ਦੌਰਾਨ ਇਨ੍ਹਾਂ ਕੋਲੋਂ ਤਿੰਨ ਰਿਵਾਲਵਰ ਬਰਾਮਦ ਹੋਏ ਸਨ। ਇਨ੍ਹਾਂ ਦੇ ਖਾਤਿਆਂ ਵਿੱਚ ਵਿਦੇਸ਼ਾਂ ਤੋਂ ਲੱਖਾਂ ਰੁਪਏ ਜਮ੍ਹਾਂ ਹੋਣਾ ਪਾਇਆ ਗਿਆ ਸੀ।

ਇਸ ਮਾਮਲੇ ਦੀ ਪੜਤਾਲ ਡੀਜੀਪੀ ਦੇ ਹੁਕਮਾਂ ’ਤੇ ਅੰਮ੍ਰਿਤਸਰ ਦੇ ਸਪੈਸ਼ਲ ਅਪਰੇਸ਼ਨ ਸੈੱਲ ਨੇ ਵੀ ਕੀਤੀ ਸੀ। ਪੁਲਿਸ ਨੇ ਦਾਅਵਾ ਕੀਤਾ ਸੀ ਕਿ ਉਕਤ ਸਾਰੇ ਮੁਲਜ਼ਮ ਖ਼ਾਲਿਸਤਾਨੀ ਜਥੇਬੰਦੀਆਂ ਨਾਲ ਮਿਲ ਕੇ ਧਾਰਮਿਕ ਆਗੂਆਂ ਨੂੰ ਕਤਲ ਕਰਵਾਉਣ ਤੇ ਅੱਤਵਾਦੀ ਗਰੁੱਪਾਂ ਦੀ ਹਮਾਇਤ ਕਰ ਰਹੇ ਹਨ। ਉਨ੍ਹਾਂ ਨੂੰ ਪੰਜਾਬ ਵਿੱਚ ਅੱਤਵਾਦ ਫੈਲਾਉਣ ਲਈ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ।

Source:AbpSanjha