ਨਸ਼ਾ ਤਸਕਰਾਂ ਦੀ ਮੱਦਦ ਕਰਨ ਵਾਲਾ ਜਲੰਧਰ ਦਾ ਏਐਸਆਈ ਸਰਬਜੀਤ ਸਿੰਘ ਬਰਖ਼ਾਸਤ

Sarbhjeet Singh

ਜਲੰਧਰ: ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਦਿਨੋਂ ਦਿਨ ਵੱਧ ਰਿਹਾ ਹੈ ਜਿਸ ਦੇ ਨਾਲ ਨਸ਼ਾ ਤਸਕਰਾਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤਰਾਂ ਦੀ ਇੱਕ ਖ਼ਬਰ ਜਲੰਧਰ ਸ਼ਹਿਰ ਵਿੱਚੋਂ ਆਈ ਹੈ ਜਿੱਥੇ ਪੰਜਾਬ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਸਰਬਜੀਤ ਸਿੰਘ ਹੀ ਨਸ਼ਾ ਤਸਕਰਾਂ ਦੀ ਮੱਦਦ ਕਰਨ ਵਿੱਚ ਲੱਗੇ ਹੋਏ ਹਨ। ਉਹਨਾਂ ਖ਼ਿਲਾਫ਼ ਇਹ ਜਾਣਕਾਰੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ। ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਕਰਕੇ ਏਐਸਆਈ ਸਰਬਜੀਤ ਸਿੰਘ ਨੂੰ ਉਹਨਾਂ ਦੇ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਜਾਣਕਾਰੀ ਅਨੁਸਾਰ ਏਐਸਆਈ ਸਰਬਜੀਤ ਸਿੰਘ ਨਾਰਕੋਟਿਕ ਸੈੱਲ ਵਿੱਚ ਤਾਇਨਾਤ ਸੀ ਪਰ ਹੈਰਾਨ ਕਰਨ ਵਾਲੀ ਗੱਲ ਉਦੋਂ ਸਾਹਮਣੇ ਆਈ ਜਦੋਂ ਇਹ ਪਤਾ ਲੱਗਾ ਕਿ ਸਹਾਇਕ ਸਬ ਇੰਸਪੈਕਟਰ ਸਰਬਜੀਤ ਸਿੰਘ ਖ਼ੁਦ ਨਸ਼ੇ ਦਾ ਆਦੀ ਸੀ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਹੈ ਕਿ ਮੈਂ ਵੀ ਇਹ ਸਾਰੀ ਜਾਣਕਾਰੀ ਪੂਰੀ ਜਾਂਚ ਪੜਤਾਲ ਤੋਂ ਬਾਅਦ ਹੀ ਪੁਲਿਸ ਵਿਭਾਗ ਨੂੰ ਦਿੱਤੀ।

ਜਿਸ ਤੋਂ ਬਾਅਦ ਪੁਲਿਸ ਵਿਭਾਗ ਨੇ ਸਹਾਇਕ ਸਬ ਇੰਸਪੈਕਟਰ ਸਰਬਜੀਤ ਸਿੰਘ ਵਿਰੁੱਧ ਕਾਰਵਾਈ ਕੀਤੀ ਗਈ ਅਤੇ ਉਹਨਾਂ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਓਹਨਾ ਨੇ ਇਹ ਵੀ ਦੱਸਿਆ ਹੈ ਕਿ ਵਿਜੀਲੈਂਸ ਬਿਊਰੋ ਨੇ ਹਾਲ ਹੀ ਵਿੱਚ ਸਹਾਇਕ ਸਬ ਇੰਸਪੈਕਟਰ ਸਰਬਜੀਤ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਰੰਗੇ ਹੱਥੀਂ ਫੜਿਆ ਸੀ। ਪੁਲਿਸ ਕਮਿਸ਼ਨਰ ਨੇ ਕਿਹਾ ਇਸ ਅਪਰਾਧ ਵਿੱਚ ਚਾਹੇ ਕੋਈ ਵੀ ਵਿਅਕਤੀ ਸ਼ਾਮਲ ਕਿਉਂ ਨਾ ਹੋਏ, ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਏਗੀ।