ਅਕਾਲੀ ਦਲ ਲਈ ਵੱਡੀ ਰਾਹਤ ! ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ

kunwar vijay partap

ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਸੁੱਖ ਦਾ ਸਾਹ ਆਇਆ ਹੈ। ਭਾਰਤੀ ਚੋਣ ਕਮਿਸ਼ਨ ਨੇ ਬੇਅਦਬੀ ਤੇ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਹਟਾ ਦਿੱਤਾ ਹੈ। ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਕੁੰਵਰ ਵਿਜੈ ਪ੍ਰਤਾਪ ਨੂੰ ਅੱਜ ਸ਼ਾਮ ਪੰਜ ਵਜੇ ਤੱਕ ਰਿਲੀਵ ਕਰਨ ਦੇ ਆਦੇਸ਼ ਦਿੱਤੇ ਹਨ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਕੁੰਵਰ ਵਿਜੈ ਪ੍ਰਤਾਪ ਨੂੰ ਚੋਣ ਜ਼ਾਬਤੇ ਨਾਲ ਸਬੰਧਤ ਕੋਈ ਵੀ ਪੋਸਟ ‘ਤੇ ਤਾਇਨਾਤ ਨਾ ਕੀਤਾ ਜਾਵੇ। ਇਸ ਦੇ ਨਾਲ ਹੀ ਵਿਸ਼ੇਸ਼ ਜਾੰਚ ਟੀਮ ਨੂੰ ਆਦੇਸ਼ ਦਿੱਤਾ ਹੈ ਕਿ ਚੋਣ ਜ਼ਾਬਤਾ ਲੱਗੇ ਹੋਣ ਤੱਕ ਜਾਂਚ ਨਾਲ ਸਬੰਧਤ ਕੋਈ ਵੀ ਤੱਥ ਮੀਡੀਆ ਨਾਲ ਸਾਂਝਾ ਨਾ ਕੀਤਾ ਜਾਵੇ।

eci letter on kunwar vijay partap

ਇਹ ਵੀ ਪੜ੍ਹੋ : ਅਕਾਲੀ ਦਲ ਨੂੰ ਚੋਣਾਂ ਵਿੱਚ ਭੁਗਤਣਾ ਪੈ ਸਕਦੈ ਬੇਅਦਬੀ ਤੇ ਗੋਲੀ ਕਾਂਡ ਦਾ ਖਮਿਆਜ਼ਾ, ਜਾਂਚ ਨੂੰ ਲਟਕਾਉਣ ਦੀ ਰਣਨੀਤੀ ?

ਯਾਦ ਰਹੇ ਅਕਾਲੀ ਦਲ ਨੇ ਕੁੰਵਰ ਵਿਜੈ ਪ੍ਰਤਾਪ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚ ਕਰਕੇ ਉਨ੍ਹਾਂ ਨੂੰ ਚੋਣਾਂ ਦੌਰਾਨ ਦੂਜੇ ਰਾਜ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਦੂਜੇ ਪਾਸੇ ਅਕਾਲੀ ਦਲ ਦੇ ਇਲਜ਼ਾਮਾਂ ਨੂੰ ਰੱਦ ਕਰਦਿਆਂ ਕੈਪਟਨ ਸਰਕਾਰ ਕੁੰਵਰ ਵਿਜੈ ਪ੍ਰਤਾਪ ਸਿੰਘ ਨਾਲ ਡਟ ਗਈ ਸੀ। ਇਸ ਮਗਰੋਂ ਅਕਾਲੀ ਦਲ ਦੇ ਲੀਡਰ ਨਰੇਸ਼ ਗੁਜਰਾਲ ਨੇ ਭਾਰਤੀ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਸੀ। ਅਕਾਲੀ ਦਲ ਨੇ ਕੁੰਵਰ ਵਿਜੈ ਪ੍ਰਤਾਪ ਵੱਲੋਂ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ਦੇ ਕਲਿੱਪ ਵੀ ਸੌਂਪੇ ਸੀ।

ਅਕਾਲੀ ਲੀਡਰਾਂ ਦਾ ਕਹਿਣਾ ਸੀ ਕਿ ਇਸ ਪੁਲਿਸ ਅਧਿਕਾਰੀ ਵੱਲੋਂ ਪੱਖਪਾਤੀ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਦਾ ਅਸਰ ਸੰਸਦੀ ਚੋਣਾਂ ’ਤੇ ਵੀ ਹੋਵੇਗਾ ਤੇ ਅਕਾਲੀ ਦਲ ਨੂੰ ਸਿਆਸੀ ਤੌਰ ’ਤੇ ਨੁਕਸਾਨ ਵੀ ਝੱਲਣਾ ਪੈ ਸਕਦਾ ਹੈ। ਅਕਾਲੀ ਦਲ ਨੂੰ ਖ਼ਦਸ਼ਾ ਸੀ ਕਿ ਚੋਣ ਮੁਹਿੰਮ ਭਖਣ ਤੋਂ ਬਾਅਦ ਸਿੱਟ ਦੀਆਂ ਸਰਗਰਮੀਆਂ ਵਧ ਸਕਦੀਆਂ ਹਨ।

ਦਰਅਸਲ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਵਿੱਚ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਹੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਅਕਾਲੀ ਦਲ ਵੱਲੋਂ ਯਤਨ ਕੀਤੇ ਜਾ ਰਹੇ ਸਨ ਕਿ ਸੰਸਦੀ ਚੋਣਾਂ ਦੇ ਪ੍ਰਚਾਰ ਦੌਰਾਨ ਸਿੱਟ ਦੀਆਂ ਸੰਭਾਵੀ ਗਤੀਵਿਧੀਆਂ ਨੂੰ ਬੇਅਸਰ ਕਰਨ ਲਈ ਆਈਜੀ ’ਤੇ ਨਿਸ਼ਾਨਾ ਸਾਧਿਆ ਜਾਵੇ। ਅਕਾਲੀ ਦਲ ਨੂੰ ਇਸ ਵਿੱਚ ਸਭਲਤਾ ਮਿਲੀ ਹੈ।

Source:AbpSanjha