ਗੁਰਦੁਆਰਾ ਗੁਰੂ ਕੇ ਮਹਿਲ ਤੋਂ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਹੋਇਆ ਆਰੰਭ

Nagar-kirtan-from-gurdawara-guru-ka-mahal

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਵਿਚ ਹੋਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਦੀ ਸ਼ੁਰੂਆਤ ਤੋਂ ਪਹਿਲਾਂ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ, ਭਾਈ ਕੁਲਦੀਪ ਸਿੰਘ ਅਤੇ ਭਾਈ ਗੁਰਦੇਵ ਸਿੰਘ ਕੁਹਾੜਕਾ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਅਰਦਾਸ ਭਾਈ ਸੁਲਤਾਨ ਸਿੰਘ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ।

ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਨਗਰ ਕੀਰਤਨ ਸਜਾਉਣੇ ਸਿੱਖ ਰਵਾਇਤ ਦਾ ਹਿੱਸਾ ਹੈ ਅਤੇ ਸ਼ਤਾਬਦੀਆਂ ਸਮੇਂ ਨਗਰ ਕੀਰਤਨ ਸਜਾਉਣ ਦਾ ਮੰਤਵ ਇਤਿਹਾਸਕ ਦਿਹਾੜੇ ਸਬੰਧੀ ਸੰਗਤ ਵਿਚ ਪ੍ਰੇਰਣਾ ਪੈਦਾ ਕਰਨ ਦੇ ਨਾਲ-ਨਾਲ ਗੁਰਮਤਿ ਦਾ ਪ੍ਰਚਾਰ ਪ੍ਰਸਾਰ ਕਰਨਾ ਹੈ। ਉਨ੍ਹਾਂ ਸੰਗਤ ਨੂੰ ਨੌਵੇਂ ਪਾਤਸ਼ਾਹ ਜੀ ਦੇ ਫਲਸਫੇ ਨਾਲ ਜੁੜਨ ਦੀ ਅਪੀਲ ਵੀ ਕੀਤੀ।

ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਜਿਸ ਇਲਾਕੇ ਵਿਚ ਜਾਵੇ, ਉਥੋਂ ਦੀਆਂ ਸੰਗਤਾਂ ਭਰਵਾਂ ਸਵਾਗਤ ਕਰਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 1 ਮਈ 2021 ਨੂੰ ਮੁੱਖ ਸਮਾਗਮ ਤੱਕ ਰੋਜ਼ਾਨਾ ਸਵੇਰੇ 10:00 ਤੋਂ 12:00 ਵਜੇ ਤੱਕ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥਿਆਂ ਵੱਲੋਂ ਕੀਰਤਨ ਕੀਤਾ ਜਾਇਆ ਜਾਵੇਗਾ। ਇਸ ਤੋਂ ਇਲਾਵਾ ਪੰੰਥ ਪ੍ਰਸਿੱਧ ਕਥਾਵਾਚਕ ਇਥੇ ਸਮੇਂ-ਸਮੇਂ ਹਾਜ਼ਰੀਆਂ ਭਰਦੇ ਰਹਿਣਗੇ।

ਵੱਡੀ ਗਿਣਤੀ ਵਿਚ ਬੈਂਡ ਪਾਰਟੀਆਂ ਨੇ ਵੀ ਸ਼ਮੂਲੀਅਤ ਕਰਕੇ ਮਧੁਰ ਧੁੰਨਾ ਰਾਹੀਂ ਮਾਹੌਲ ਨੂੰ ਖੂਬਸੂਰਤ ਬਣਾਇਆ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਉਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਤਾਂ ਸੰਗਤ ਨੇ ਜੈਕਾਰਿਆਂ ਅਤੇ ਸਤਿਨਾਮ ਵਾਹਿਗੁਰੂ ਦੇ ਸਿਮਰਨ ਨਾਲ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਨਗਰ ਕੀਰਤਨ ਦੇ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਗੁਰਦੁਆਰਾ ਲੋਹਗੜ੍ਹ ਸਾਹਿਬ ਵਿਖੇ ਪੁੱਜਣ ’ਤੇ ਵੀ ਭਰਵਾਂ ਸਵਾਗਤ ਹੋਇਆ। ਇਸੇ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਭੇਟ ਕਰਕੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ। ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਹੋਏ ਸਨ। ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਗੁਰੂ ਕਾ ਬਾਗ ਘੁੱਕੇਵਾਲੀ, ਲਈ ਰਵਾਨਾ ਹੋਇਆ, ਜਿਥੋਂ ਭਲਕੇ 21 ਮਾਰਚ ਨੂੰ ਅਗਲੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਬਾਬਾ ਬਕਾਲਾ ਸਾਹਿਬ ਲਈ ਚਾਲੇ ਪਾਵੇਗਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ