ਸ਼੍ਰੋਮਣੀ ਅਕਾਲੀ ਦਲ (ਬਾਦਲ ) ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਇੱਕ ਅਪਰਾਧਿਕ ਸਾਜ਼ਿਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੇਅਦਬੀ ਮਾਮਲੇ ਨਾਲ ਸਬੰਧਤ ਝੂਠੇ ਕੇਸ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਸਮੁੱਚੀ ਜਾਂਚ ਦੀ ਨਿਗਰਾਨੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਦਲਜੀਤ ਸਿੰਘ ਚੀਮਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਨੇ ਸਵੇਰੇ 11.30 ਤੋਂ 1.30 ਵਜੇ ਤੱਕ ਰਾਜ ਭਵਨ ਦੇ ਐਨਕਸੀ ਵਿੱਚ ਗੁਪਤ ਮੀਟਿੰਗ ਕੀਤੀ ਅਤੇ ਇਸ ਸਾਜ਼ਿਸ਼ ਨੂੰ ਅੰਜਾਮ ਦੇਣ ਲਈ ਉਹਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਮੀਟਿੰਗ ਵਿੱਚ ਕਾਰਜਕਾਰੀ ਡੀ ਜੀ ਪੀ ਆਈ ਪੀ ਐਸ ਸਹੋਤਾ, ਗ੍ਰਹਿ ਸਕੱਤਰ ਅਨੁਰਾਗ ਵਰਮਾ, ਐਡਵੋਕੇਟ ਜਨਰਲ ਏ ਪੀ ਐਸ ਦਿਓਲ, ਐਸ ਆਈ ਟੀ ਦੇ ਚੇਅਰਮੈਨ ਐਸ ਪੀ ਐਸ ਪਰਮਾਰ, ਏ ਆਈ ਜੀ ਆਰ ਐਸ ਸੋਹਲ, ਐਸ ਐਸ ਪੀ ਮੁਖਵਿੰਦਰ ਭੁੱਲਰ, ਡੀ ਐਸਪੀ ਲਖਬੀਰ ਸਿੰਘ, ਅਤੇ ਇੰਸਪੈਕਟਰ ਦਲਬੀਰ ਸਿੰਘ ਹਾਜ਼ਰ ਸਨ। ਸੇਵਾਮੁਕਤ ਪੁਲਿਸ ਅਧਿਕਾਰੀ ਆਰ ਐਸ ਖੱਟੜਾ ਅਤੇ ਸੁਲੱਖਣ ਸਿੰਘ ਅਤੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਕੁਲਬੀਰ ਸਿੰਘ ਜ਼ੀਰਾ ਸ਼ਾਮਲ ਹਨ।
ਗਰੇਵਾਲ ਨੇ ਦਾਅਵਾ ਕੀਤਾ ਕਿ ਮੀਟਿੰਗ ਦਾ ਮਕਸਦ ਸਿਆਸੀ ਵਿਰੋਧੀਆਂ ਖਾਸ ਕਰਕੇ ਬਾਦਲ ਪਰਿਵਾਰ ਨੂੰ ਝੂਠੇ ਕੇਸਾਂ ਵਿਚ ਫਸਾਉਣਾ ਹੈ । ਉਨ੍ਹਾਂ ਕਿਹਾ ਕਿ ਸਾਬਕਾ ਡੀ ਆਈ ਜੀ ਆਰ ਐਸ ਖੱਟੜਾ ਨੂੰ ਬਾਦਲ ਪਰਿਵਾਰ ਖ਼ਿਲਾਫ਼ ਝੂਠੇ ਗਵਾਹਾਂ ਰਾਹੀਂ ਬਿਆਨਬਾਜ਼ੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਗਰੇਵਾਲ ਨੇ ਦਾਅਵਾ ਕੀਤਾ ਕਿ ਗ੍ਰਹਿ ਮੰਤਰੀ ਰੰਧਾਵਾ ਵੱਲੋਂ ਖੱਟੜਾ, ਜੋ ਰੰਧਾਵਾ ਦੇ ਬਹੁਤ ਕਰੀਬੀ ਸਨ, ਅਤੇ ਮੁੱਖ ਮੰਤਰੀ ਵਿਚਕਾਰ ਸੌਦਾ ਹੋਇਆ ਸੀ, ਉਦੋਂ ਖੱਟੜਾ ਨੇ ਅਜਿਹਾ ਕਰਨ ਲਈ ਸਹਿਮਤੀ ਦਿੱਤੀ ਸੀ। ਗਰੇਵਾਲ ਨੇ ਦਾਅਵਾ ਕੀਤਾ, “ਖੱਟੜਾ ਨੂੰ ਸੰਵਿਧਾਨਕ ਅਹੁਦੇ ਦਾ ਵਾਅਦਾ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਪੁੱਤਰ ਨੂੰ ਪਟਿਆਲਾ ਜਾਂ ਮਾਲਵਾ ਖੇਤਰ ਤੋਂ ਕਾਂਗਰਸ ਟਿਕਟ ਦੇਣ ਦਾ ਵਾਅਦਾ ਕੀਤਾ ਗਿਆ ਹੈ।
ਅਕਾਲੀ ਆਗੂਆਂ ਨੇ ਸੇਵਾਮੁਕਤ ਡੀ ਆਈ ਜੀ ਆਰ ਐਸ ਖੱਟੜਾ ਨੂੰ ਵੀ ਆਪਣੇ ਵਿਹਾਰ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਕਿਉਂਕਿ ਉਹ ਪਹਿਲਾਂ ਐਸ ਆਈ ਟੀ ਦੀ ਅਗਵਾਈ ਕਰ ਚੁੱਕੇ ਹਨ ਜਿਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਸੀ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਜਾਂਚ ਦੇ ਕੰਮਕਾਜ ਵਿੱਚ ਦਖ਼ਲ ਨਹੀਂ ਦਿੱਤਾ ਸੀ। ਉਹਨਾਂ ਇਹ ਵੀ ਪੁੱਛਿਆ ਕਿ ਕੀ ਉਹਨਾਂ ਦੇ ਬੇਟੇ ਸਤਬੀਰ ਖੱਟੜਾ, ਜੋ ਕਿ ਪਹਿਲਾਂ ਅਕਾਲੀ ਦਲ ਦੀ ਟਿਕਟ ‘ਤੇ 2017 ਦੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਸਨ, ਦੇ ਅਸਤੀਫੇ ਦਾ ਉਹਨਾਂ ਦੀਆਂ ਤਾਜ਼ਾ ਕਾਰਵਾਈਆਂ ਨਾਲ ਕੋਈ ਸਬੰਧ ਹੈ?